ਲੁਧਿਆਣਾ, 5 ਮਈ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕਾਂਗਰਸ ਨੇ ਆਪਣੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ | ਇਸੇ ਕੜੀ ਤਹਿਤ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਨੂੰ ਦੇਖਦੇ ਹੋਏ ਆਬਜ਼ਰਵਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਸਨਅਤੀ ਸ਼ਹਿਰ ਲੁਧਿਆਣਾ ਦੇ ਕਾਂਗਰਸੀਆਂ ਨੂੰ ਵੀ ਵੱਖ-ਵੱਖ ਥਾਵਾਂ ਤੋਂ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ (ਸੰਗਠਨ) ਇੰਚਾਰਜ ਵਲੋਂ ਜਾਰੀ ਕੀਤੀ ਗਈ ਲਿਸਟ ਵਿਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਨਗਰ ਨਿਗਮ ਮੋਹਾਲੀ ਤੋਂ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੂੰ ਨਗਰ ਕੌਂਸਲ ਖੰਨਾ ਅਤੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੂੰ ਨਗਰ ਕੌਂਸਲ ਜਗਰਾਉਂ ਤੋਂ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ਨਿਯੁਕਤੀ ਨੂੰ ਚੋਣ ਰਣਨੀਤੀ ਦੇ ਹਿਸਾਬ ਨਾਲ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ |