ਲੁਧਿਆਣਾ, 8 ਮਈ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਡੇਅਰੀਆਂ ਤੋਂ ਗੋਹਾ ਚੁੱਕਣ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਖ਼ਿਲਾਫ਼ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ | ਗੋਹਾ ਚੁੱਕਣ ਅਤੇ ਨਿਪਟਾਰੇ ਦਾ ਕੰਮ ਨਿਯਮਾਂ ਅਨੁਸਾਰ ਨਾ ਹੋਣ ਕਾਰਨ ਇਹ ਮਸਲਾ ਹੁਣ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ | ਇਸ ਮਾਮਲੇ ਨੂੰ ਲੈਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਤੇ ਡਿਪਟੀ ਮੇਅਰ ਪਿ੍ੰਸ ਜੌਹਰ ਵਲੋਂ ਨਗਰ ਨਿਗਮ ਕਮਿਸ਼ਨਰ ਕੋਲ ਨਿੱਜੀ ਕੰਪਨੀ ਦਾ ਠੇਕਾ ਬੰਦ ਕਰਨ ਦੀ ਮੰਗ ਕੀਤੀ ਗਈ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਨਿੱਜੀ ਕੰਪਨੀ ਵਲੋਂ ਡੇਅਰੀ ਕੰਪਲੈਕਸਾਂ ਤੋਂ ਗੋਹਾ ਚੁੱਕਣ ਦਾ ਕੰਮ ਢੰਗ ਨਾਲ ਨਹੀਂ ਕੀਤਾ ਜਾ ਰਿਹਾ ਹੈ | ਜਿਸ ਕਾਰਨ ਡੇਅਰੀ ਐਸੋਸੀਏਸ਼ਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਨਾਲ ਸਰਕਾਰ ਅਤੇ ਨਗਰ ਨਿਗਮ ਦਾ ਅਕਸ ਵੀ ਖ਼ਰਾਬ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਤਾਜਪੁਰ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਤੋ ਗੋਹਾ ਚੁੱਕ ਕੇ ਉਸਦਾ ਨਿਪਟਾਰਾ ਨਿਯਮਾਂ ਅਨੁਸਾਰ ਕਰਨ ਦੀ ਬਜਾਏ ਪੁਰਾਣੇ ਜੈਨਪੁਰ ਕੂੜਾ ਡੰਪ ਵਿਚ ਸੁੱਟਿਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਇਹ ਪ੍ਰਕਿਰਿਆ ਨਿਯਮਾਂ ਦੇ ਉਲਟ ਹੈ | ਕਿਉਂਕਿ ਸਮਝੌਤੇ ਅਨੁਸਾਰ ਗੋਹੇ ਦੇ ਪ੍ਰਬੰਧ ਅਤੇ ਨਿਪਟਾਰੇ ਦੀ ਪੂਰੀ ਜ਼ਿੰਮੇਵਾਰੀ ਕੰਪਨੀ ਦੀ ਬਣਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੰਪਨੀ ਦੀ ਲਾਪਰਵਾਹੀ ਅਤੇ ਗ਼ਲਤ ਕਾਰਗੁਜ਼ਾਰੀ ਕਾਰਨ ਨਗਰ ਨਿਗਮ ਨੰੂ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਇਹ ਮਾਮਲਾ ਹੋਰ ਭਖ ਸਕਦਾ ਹੈ | ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਤੇ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਮੰਗ ਕੀਤੀ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀ ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸ਼ਹਿਰ ਵਿਚ ਗੋਹਾ ਚੁੱਕਣ ਦੀ ਵਿਵਸਥਾ ਨੰੂ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ |