ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿਸ਼ੀ ਨਗਰ ਵਿਚ ਇਕ ਪ੍ਰਾਪਰਟੀ ਡੀਲਰ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਰਜਿੰਦਰ ਪਾਲ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਸੋਨੂ ਕੁਮਾਰ ਵਜੋਂ ਕੀਤੀ ਗਈ ਹੈ | ਉਸ ਨੇ ਆਪਣੇ ਘਰ ਵਿਚ ਹੀ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ | ਗੰਭੀਰ ਹਾਲਤ 'ਚ ਸੋਨੂ ਕੁਮਾਰ ਨੂੰ ਦਿਆਨੰਦ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਉਨ੍ਹਾਂ ਦੱਸਿਆ ਕਿ ਸੋਨੂ ਪਿਛਲੇ ਕਾਫ਼ੀ ਸਮੇਂ ਤੋਂ ਪਰੇਸ਼ਾਨ ਸੀ ਅਤੇ ਇਸ ਪਰੇਸ਼ਾਨੀ ਕਾਰਨ ਹੀ ਉਸ ਨੇ ਇਹ ਕਦਮ ਚੁੱਕਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਣਗੇ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |