ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ 'ਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਤੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮਾਡਲ ਟਾਊਨ ਦੇ ਰਹਿਣ ਵਾਲੇ ਸੁਨੀਲ ਕੁਮਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਰਿਸ਼ਤੇਦਾਰ ਪਲਕ ਮਾਡਲ ਟਾਊਨ 'ਚ ਬੱਚਿਆਂ ਦੇ ਪਾਰਕ ਸਾਹਮਣੇ ਜਾ ਰਹੀ ਸੀ ਕਿ ਦੋ ਲੁਟੇਰੇ ਉਨ੍ਹਾਂ ਦੇ ਨੇੜੇ ਰੁਕੇ ਅਤੇ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਪਰਸ 'ਚ ਹਜ਼ਾਰਾਂ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਤਾਂ ਜੋ ਇਹਨਾਂ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਹੈ |