ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰਕੇ ਤਿੰਨ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸ਼ਹੀਦ ਭਗਤ ਸਿੰਘ ਕਾਲੋਨੀ ਦੀ ਰਹਿਣ ਵਾਲੀ ਪੂਨਮ ਕੁਮਾਰੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਉਸ ਦੇ ਪਤੀ ਅਮਰਕਾਂਤ, ਗੁਆਂਢੀ ਗੌਤਮ ਅਨੁਰਾਗ, ਅਸ਼ੋਕ ਕੁਮਾਰ ਤੇ ਅਨੂਪਰਿਆ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਅਮਰਕਾਂਤ ਨਾਲ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਇਨ੍ਹਾਂ ਕਥਿਤ ਦੋਸ਼ੀਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਉਸ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਅਮਰਕਾਂਤ ਅਕਸਰ ਗੁਆਂਢੀ ਗੌਤਮ ਠਾਕੁਰ ਨਾਲ ਜ਼ਬਰਦਸਤੀ ਸੰਬੰਧ ਬਣਾਉਣ ਲਈ ਮਜਬੂਰ ਕਰਦਾ ਸੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਅਨੁਰਾਗ ਕੁਮਾਰ, ਅਸ਼ੋਕ ਕੁਮਾਰ ਤੇ ਅਨੁਪਰਿਆ ਨੂੰ ਕਾਬੂ ਕਰ ਲਿਆ, ਜਦਕਿ ਬਾਕੀ ਕਥਿਤ ਦੋਸ਼ੀ ਅਜੇ ਫ਼ਰਾਰ ਦੱਸੇ ਜਾਂਦੇ ਹਨ | ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ |