ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਪੁਲਿਸ ਨੇ ਵੀ ਰੰਜਨ ਕੁਮਾਰ ਵਾਸੀ ਦਸਮੇਸ਼ ਨਗਰ ਦੀ ਸ਼ਿਕਾਇਤ 'ਤੇ ਅਮਰੀਕ ਸਿੰਘ ਉਸ ਦੀ ਪਤਨੀ ਰਾਜਵਿੰਦਰ ਕੌਰ ਵਾਸੀ ਸਲੇਮ ਟਾਬਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਿ'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 15 ਲੱਖ ਦੀ ਨਕਦੀ ਲੈ ਲਈ, ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ | ਜਿਸ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ | ਦੂਜੇ ਮਾਮਲੇ 'ਚ ਪੁਲਿਸ ਨੇ ਦਿਲਪ੍ਰੀਤ ਸਿੰਘ ਵਾਸੀ ਖੁਮਾਣੋ ਦੀ ਸ਼ਿਕਾਇਤ 'ਤੇ ਮਾਹੀ ਸ਼ਰਮਾ ਪਤਨੀ ਅਮਨਦੀਪ ਵਾਸੀ ਨਿਊ ਸ਼ਿਵਪੁਰੀ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ 10 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਸ਼ਹਿਜ਼ਾਦ ਖਾਨ ਵਾਸੀ ਅਬਦੁੱਲਾਪੁਰ ਬਸਤੀ ਦੀ ਸ਼ਿਕਾਇਤ 'ਤੇ ਸੰਦੀਪ ਸਿੰਘ ਵਾਸੀ ਸੱਤਜੋਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਵਲੋਂ ਉਕਤ ਕਥਿਤ ਦੋਸ਼ੀ ਉੱਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 9 ਲੱਖ 30 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ |