ਲੁਧਿਆਣਾ, 21 ਮਈ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਸਿਹਤ ਵਿਭਾਗ, ਪੰਜਾਬ ਦੇ ਬੈਨਰ ਹੇਠ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੁੱਧ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨ ਅਤੇ ਸਰਕਾਰ ਦਾ ਪੁਤਲਾ ਫੂਕਣ ਦਾ ਐਲਾਨ ਕਰਦਿਆਂ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਕਰਮਚਾਰੀ ਵੇਰਕਾ ਪਲਾਂਟ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਣਗੇ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀਆਂ ਸਿਹਤ ਮੰਤਰੀ, ਸਿਹਤ ਸਕੱਤਰ ਨਾਲ ਲਗਭਗ 50 ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ਵਿਚ ਹਮੇਸ਼ਾ ਉਨ੍ਹਾਂ ਜਲਦ ਕਾਰਵਾਈ ਕਰਨ ਦਾ ਵਿਸ਼ਵਾਸ ਦਿੱਤਾ ਹੈ, ਪਰ ਅੱਜ ਤੱਕ ਕੋਈ ਹੱਲ ਨਹੀਂ ਹੋਇਆ, ਜਿਸ ਨਾਲ ਕਰਮਚਾਰੀਆਂ ਵਿਚ ਰੋਸ ਦੀ ਭਾਵਨਾ ਹੈ | ਇਸ ਰੋਸ ਨੂੰ ਪ੍ਰਗਟ ਕਰਨ ਲਈ 31 ਮਈ ਨੂੰ ਕਰਮਚਾਰੀ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ਸੰਗਰੂਰ ਦਾ ਘਿਰਾਓ ਕਰਨਗੇ ਅਤੇ ਸਰਕਾਰ ਦਾ ਪੁਤਲਾ ਫੂਕਣਗੇ | ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਜੰਟ ਸਿੰਘ ਖੰਨਾ ਨੇ ਦੱਸਿਆ ਕਿ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਇਕ ਮਹੀਨੇ ਦੇ ਅੰਦਰ ਸਮੂਹ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਦਿੱਲੀ ਸਰਕਾਰ ਦੀ ਤਰਜ਼ 'ਤੇ ਤਨਖ਼ਾਹਾਂ ਵਿਚ 20 ਫ਼ੀਸਦੀ ਤੱਕ ਵਾਧਾ ਕੀਤਾ ਜਾਵੇਗਾ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ |