ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਕਾਂਗਰਸ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਗਰ ਨਿਗਮ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੰੂ ਮਿਲੀਆਂ ਬੰਬ ਧਮਕੀਆਂ ਨੰੂ ਲੈ ਕੇ ਭਗਵੰਤ ਮਾਨ ਸਰਕਾਰ ਨੰੂ ਘੇਰਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਵੱਧ ਰਹੀਆਂ ਬੰਬ ਧਮਕੀਆਂ ਅਤੇ ਅਪਰਾਧਿਕ ਘਟਨਾਵਾਂ ਅਤੇ ਪੁਲਿਸ ਮੁਲਾਜ਼ਮਾਂ 'ਤੇ ਹੋ ਰਹੇ ਹਮਲਿਆਂ ਕਾਰਨ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ | ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰੀ ਦਫ਼ਤਰਾਂ, ਪੁਲਿਸ ਕਰਮਚਾਰੀਆਂ ਅਤੇ ਪ੍ਰਸਿੱਧ ਹਸਤੀਆਂ ਨੰੂ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ ਤਾਂ ਆਮ ਲੋਕਾਂ ਆਪਣੇ ਆਪ ਨੰੂ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦੇ ਹਨ | ਵੜਿੰੰਗ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਕਾਨੰੂਨ ਵਿਵਸਥਾ ਦੇ ਮਾਮਲੇ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਸਿਰਫ਼ ਇਸ਼ਤਿਹਾਰਾਂ ਅਤੇ ਸੋਸ਼ਲ ਮੀਡੀਆ ਤੱਕ ਸੀਮਤ ਹੋ ਕੇ ਰਹਿ ਗਈ ਹੈ | ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਧਮਕੀ ਮਾਮਲੇ ਵਿਚ ਕਥਿਤ ਖਾਲਿਸਤਾਨ ਨੈਸ਼ਨਲ ਆਰਮੀ ਦਾ ਨਾਂ ਸਾਹਮਣੇ ਆਉਣਾ ਬਹੁਤ ਗੰਭੀਰ ਮਾਮਲਾ ਹੈ, ਜਿਸ ਨੰੂ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ | ਉਨ੍ਹਾਂ ਪੰਜਾਬ ਸਰਕਾਰ ਤੋਂ ਤੁਰੰਤ ਸਖ਼ਤ ਕਦਮ ਚੁੱਕਣ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਦਾ ਭਰੋਸਾ ਮੁੜ ਬਹਾਲ ਕਰਨਾ ਅਤੇ ਪੰਜਾਬ ਦੀ ਅਮਨ ਸ਼ਾਂਤੀ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ |