ਆਲਮਗੀਰ, 25 ਮਈ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕੇ ਜਸਦੇਵ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਜਿੱਥੇ ਵੱਖ ਵੱਖ ਵਰਗਾਂ ਦੀ ਭਲਾਈ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਉੱਥੇ ਹੀ ਵਿਕਾਸ ਕਾਰਜਾਂ ਦੇ ਨਾਲ-ਨਾਲ ਖੇਡਾਂ ਪ੍ਰਤੀ ਵੀ ਸਰਕਾਰ ਵਲੋਂ ਸੁਹਿਰਦ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ, ਕਿਉਂਕਿ ਪੰਜਾਬ ਇਸ ਸਾਲ ਅਕਤੂਬਰ 'ਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ | ਖੰਨਾ ਨੇ ਦੱਸਿਆ ਕਿ ਏਸ਼ੀਅਨ ਖੇਡਾਂ ਅਕਤੂਬਰ 'ਚ ਸਮਾਪਤ ਹੋਣਗੀਆਂ ਅਤੇ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੀਆਂ 6 ਹਾਕੀ ਟੀਮਾਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਵਿਚ ਹਿੱਸਾ ਲੈਣਗੀਆਂ |