ਲੁਧਿਆਣਾ, 28 ਮਈ (ਭੁਪਿੰਦਰ ਸਿੰਘ ਬੈਂਸ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਵੀਰਵਾਰ ਨੰੂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਉਸ ਨੰੂ ਲਾਗੂ ਨਾ ਕਰਨ ਦੇ ਵਿਰੋਧ 'ਚ ਮੁਲਾਜ਼ਮਾਂ ਨੇ ਮੱਝ ਅੱਗੇ ਬੀਨ ਵਜਾ ਕੇ ਪ੍ਰਤੀਕਾਤਮਿਕ ਢੰਗ ਨਾਲ ਆਪਣਾ ਰੋਸ ਜਤਾਇਆ | ਇਸ ਦੌਰਾਨ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਪ੍ਰਦਰਸ਼ਨ ਦੀ ਅਗਵਾਈ ਸੂਬਾ ਕੋ-ਕਨਵੀਨਰ ਅਜੀਤ ਪਾਲ ਸਿੰਘ, ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਚੀਮਾ, ਸੰਦੀਪ ਭੁੰਬਕ ਅਤੇ ਟਹਿਲ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੰੂ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਸਨ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਨੰੂ ਅਮਲੀ ਰੂਪ ਨਹੀਂ ਦਿੱਤਾ ਗਿਆ | ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਲਗਾਤਾਰ ਮੁਲਾਜ਼ਮ ਮਾਰੂ ਸਾਬਤ ਹੋ ਰਹੀਆਂ ਹਨ | ਇਕ ਪਾਸੇ ਪੁਰਾਣੀ ਪੈਨਸ਼ਨ ਦਾ ਮਸਲਾ ਲਟਕਾਇਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਮੁਲਾਜ਼ਮਾਂ ਦੇ ਭੱਤੇ ਬੰਦ ਕਰਕੇ ਉਨ੍ਹਾਂ 'ਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਨੰੂ ਸਰਕਾਰ ਵਲੋਂ ਅਣਡਿੱਠਾ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਜਲਦ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿਚ ਮੁਲਾਜ਼ਮ ਵਰਗ ਸਰਕਾਰ ਨੰੂ ਇਸ ਦਾ ਜਵਾਬ ਦੇਵੇਗਾ | ਇਸ ਮੌਕੇ ਮੋਹਨਜੀਤ ਸਿੰਘ, ਜਗਜੀਤ ਸਿੰਘ, ਜਗਤਾਰ ਸਿੰਘ, ਕੁਲਜਿੰਦਰ ਸਿੰਘ ਬੱਦੋਵਾਲ, ਬਲਵਿੰਦਰ ਸਿੰਘ, ਕੁਲਜਿੰਦਰ ਸਿੰਘ, ਬਲਵਿੰਦਰ ਸਿੰਘ, ਬੇਅੰਤ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ |