ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ 2 ਔਰਤਾਂ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ, ਜਦਕਿ 16 ਸਾਲ ਦੀ ਲੜਕੀ ਦੀ ਵੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਨਤਾ ਨਗਰ ਵਿਚ ਗੁਰਮੀਤ ਕੌਰ ਨਾਮੀ ਲੜਕੀ ਨੇ ਸ਼ੱਕੀ ਹਾਲਾਤਾਂ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਜਾਂਚ ਅਧਿਕਾਰੀ ਐਸ.ਐਚ.ਓ. ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਮਿ੍ਤਕ ਲੜਕੀ ਅਜੇ ਕੁਆਰੀ ਸੀ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਉਹ ਪਰੇਸ਼ਾਨ ਸੀ | ਉਸ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਲਿਆ | ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਕਲਾਂ ਵਿਚ ਸੰਗੀਤਾ ਰਾਣੀ ਨਾਮੀ ਔਰਤ ਨੇ ਵੀ ਸ਼ੱਕੀ ਹਾਲਾਤਾਂ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਔਰਤ ਦੀ ਉਮਰ 40 ਸਾਲ ਦੇ ਕਰੀਬ ਸੀ | ਜਾਂਚ ਅਧਿਕਾਰੀ ਨੇ ਦੱਸਿਆ ਕਿ ਸੰਗੀਤਾ ਅਜੇ ਦੋ ਦਿਨ ਪਹਿਲਾਂ ਹੀ ਇੱਥੇ ਕਿਰਾਏ ਦੇ ਮਕਾਨ 'ਤੇ ਰਹਿਣ ਲਈ ਆਈ ਸੀ | ਉਸ ਦੇ ਦੋ ਬੱਚੇ ਹਨ, ਜਦਕਿ ਉਹ ਆਪਣੇ ਪਤੀ ਤੋਂ ਅਲੱਗ ਰਹਿ ਰਹੀ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਤੀਜੇ ਮਾਮਲੇ ਵਿਚ ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਾਬਾਰਾ ਵਿਚ 16 ਸਾਲ ਦੀ ਲੜਕੀ ਮੁਸਕਾਨ ਕੁਮਾਰੀ ਦੀ ਵੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ | ਐਸ.ਐਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਮੁਸਕਾਨ 12ਵੀਂ ਕਲਾਸ ਵਿਚ ਪੜ੍ਹਦੀ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਪਰੇਸ਼ਾਨ ਸੀ | ਉਸ ਨੇ ਘਰ ਵਿਚ ਪਈ ਗਲਤ ਦਵਾਈ ਖਾ ਲਈ | ਗੰਭੀਰ ਹਾਲਤ ਵਿਚ ਉਸ ਨੂੰ ਸੀ.ਐਮ.ਸੀ. ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਈ | ਪੁਲਿਸ ਵਲੋਂ ਸਾਰੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ |