ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਜਗਦੀਸ਼ ਨਗਰ ਅਤੇ ਬੁੱਢਾ ਦਰਿਆ ਦੇ ਬਿਲਕੁਲ ਨੇੜੇ ਸਥਿਤ ਖੰਡਰ ਬਣੇ ਮਕਾਨ ਨੂੰ ਅੱਜ ਪੁਲਿਸ ਨੇ ਢਹਿ-ਢੇਰੀ ਕਰ ਦਿੱਤਾ | ਇਸ ਮਕਾਨ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਨਸ਼ੇੜੀ ਨੌਜਵਾਨ ਨਸ਼ਾ ਕਰ ਰਹੇ ਸਨ | ਇਸ ਸੰਬੰਧੀ ਕਈ ਲੋਕਾਂ ਵਲੋਂ ਪੁਲਿਸ ਨੂੰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ, ਜਿਸ 'ਤੇ ਕਾਰਵਾਈ ਕਰਦਿਆਂ ਅੱਜ ਪੁਲਿਸ ਵਲੋਂ ਇਸ ਮਕਾਨ ਨੂੰ ਢਹਿ ਢੇਰੀ ਕਰ ਦਿੱਤਾ ਗਿਆ | ਇਸ ਮਕਾਨ ਦੀ ਮਾਲਕੀ ਬਾਰੇ ਕਿਸੇ ਨੂੰ ਪਤਾ ਨਹੀਂ ਹੈ, ਕਿਉਂਕਿ ਕਿਹਾ ਜਾ ਰਿਹਾ ਸੀ ਕਿ ਇਹ ਮਕਾਨ ਨਾਜਾਇਜ਼ ਕਬਜ਼ਾ ਕਰਕੇ ਬਣਾਇਆ ਗਿਆ ਸੀ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਇਹ ਮਕਾਨ ਖਾਲੀ ਸੀ ਅਤੇ ਖੰਡਰ ਦਾ ਰੂਪ ਧਾਰਨ ਕਰ ਗਿਆ ਸੀ | ਮੌਕੇ 'ਤੇ ਮੌਜੂਦ ਏ.ਸੀ.ਪੀ. ਰਾਜ ਕੁਮਾਰ ਅਤੇ ਥਾਣਾ ਡਵੀਜ਼ਨ ਨੰਬਰ 7 ਦੇ ਇੰਚਾਰਜ ਗਗਨਦੀਪ ਮਲਹੋਤਰਾ ਦੀ ਅਗਵਾਈ ਹੇਠ ਅਮਲਾ ਅੱਜ ਸਵੇਰੇ ਇਸ ਮਕਾਨ 'ਤੇ ਪਹੁੰਚਿਆ ਅਤੇ ਜੇ.ਸੀ.ਬੀ. ਮਸ਼ੀਨਾਂ ਦੀ ਮਦਦ ਨਾਲ ਇਸ ਨੂੰ ਢਹਿ ਢੇਰੀ ਕਰ ਦਿੱਤਾ ਗਿਆ | ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਖੰਡਰ ਨੁਮਾ ਥਾਂ ਬਾਰੇ ਕਾਫ਼ੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ | ਪੁਲਿਸ ਅਨੁਸਾਰ ਨਸ਼ੇੜੀ ਅਕਸਰ ਇਸ ਥਾਂ ਨੂੰ ਨਸ਼ਾ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤਦੇ ਸਨ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਸੀ | ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਇਹ ਕਦਮ ਚੁੱਕਿਆ | ਏ.ਸੀ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਨਸ਼ੇ ਦੇ ਖਾਤਮੇ ਲਈ ਇਸ ਥਾਂ 'ਤੇ ਅਸਥਾਈ ਪੁਲਿਸ ਚੌਂਕੀ ਬਣਾਉਣ ਦੀ ਤਜਵੀਜ਼ ਵੀ ਤਿਆਰ ਕੀਤੀ ਜਾ ਰਹੀ ਹੈ, ਜਿਸ ਬਾਰੇ ਹਲਕਾ ਵਿਧਾਇਕ ਨਾਲ ਵੀ ਗੱਲਬਾਤ ਕੀਤੀ ਜਾਵੇਗੀ | ਇਲਾਕਾ ਕੌਂਸਲਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਇਸ ਮੁਹਿੰਮ ਵਿਚ ਪੁਲਿਸ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ |