ਲੁਧਿਆਣਾ, 29 ਮਈ (ਭੁਪਿੰਦਰ ਸਿੰਘ ਬੈਂਸ)-ਸੁਵਿਧਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੇ ਸੱਦੇ 'ਤੇ ਸ਼ੁੱਕਰਵਾਰ ਨੰੂ ਲੁਧਿਆਣਾ ਸਮੇਤ ਪੰਜਾਬ ਦੇ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਪੂਰੇ ਦਿਨ ਦੀ ਕਲਮ ਛੋੜ ਹੜਤਾਲ ਕੀਤੀ ਗਈ | ਹੜਤਾਲ ਕਾਰਨ ਸ਼ਹਿਰ ਦੇ ਵੱਖ ਵੱਖ ਸੁਵਿਧਾ ਕੇਂਦਰਾਂ ਵਿਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ, ਜਿਸ ਕਰਕੇ ਸਰਕਾਰੀ ਸੇਵਾਵਾਂ ਲਈ ਪਹੁੰਚੇ ਲੋਕਾਂ ਨੰੂ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ | ਹੜਤਾਲ ਦੌਰਾਨ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੰੂ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ | ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵਲੋਂ ਸੁਵਿਧਾ ਕੇਂਦਰਾਂ ਵਿਚ ਕੰਮ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ ਹੈ, ਪਰ ਇਸ ਦੇ ਮੁਕਾਬਲੇ ਉਨ੍ਹਾਂ ਨੰੂ ਬਣਦਾ ਮਾਨ ਸਨਮਾਨ ਅਤੇ ਵਾਜਬ ਤਨਖ਼ਾਹ ਨਹੀਂ ਦਿੱਤੀ ਜਾ ਰਹੀ ਹੈ | ਮੁਲਾਜ਼ਮਾਂ ਨੇ ਦੱਸਿਆ ਕਿ ਪਿਛਲੇ ਕਰੀਬ 10 ਸਾਲਾਂ ਤੋਂ ਉਹ ਸਿਰਫ਼ 10 ਹਜ਼ਾਰ ਰੁਪਏ ਮਹੀਨਾ ਤਨਖ਼ਾਹ 'ਤੇ ਕੰਮ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਇੰਨੀ ਘੱਟ ਤਨਖ਼ਾਹ ਨਾਲ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੈ | ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਮੁਲਾਜ਼ਮਾਂ ਨੇ ਇਹ ਵੀ ਦੋਸ਼ ਲਗਾਇਆ ਕਿ ਸੁਵਿਧਾ ਕੇਂਦਰ ਦਾ ਕੰਮ ਸੰਭਾਲ ਰਹੀ ਨਿੱਜੀ ਕੰਪਨੀ ਵਲੋਂ ਤਨਖ਼ਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਕੰਪਨੀ ਨਾਲ 5 ਸਾਲਾਂ ਦਾ ਕਰਾਰ ਕੀਤਾ ਹੋਇਆ ਹੈ, ਜਦਕਿ ਕੰਪਨੀ ਮੁਲਾਜ਼ਮਾਂ ਨਾਲ ਹਰ ਛੇ ਮਹੀਨੇ ਬਾਅਦ ਕਰਾਰ ਕਰਕੇ ਉਨ੍ਹਾਂ ਦੀ ਨੌਕਰੀ ਨੰੂ ਅਸੁਰੱਖਿਅਤ ਬਣਾਈ ਰੱਖਦੀ ਹੈ | ਇਸ ਕਾਰਨ ਮੁਲਾਜ਼ਮ ਹਮੇਸ਼ਾ ਭਵਿੱਖ ਨੰੂ ਲੈ ਕੇ ਚਿੰਤਤ ਰਹਿੰਦੇ ਹਨ | ਹੜਤਾਲੀ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਕੇ ਉਨ੍ਹਾਂ ਨੰੂ ਪੱਕੀ ਨੌਕਰੀ ਦਿੱਤੀ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੰੂ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |