ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਹਰੇਕ ਸਬ-ਡਵੀਜ਼ਨ ਵਿਚ ਚੱਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਗਰਾਨੀ ਕਰਨ, ਮੌਕ ਡਰਿੱਲ ਕਰਨ, ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ.ਟੀ.ਪੀਜ) ਦੇ ਕੰਮਕਾਜ ਨੂੰ ਯਕੀਨੀ ਬਣਾਉਣ, ਬੁੱਢਾ ਦਰਿਆ ਦੀ ਸਫ਼ਾਈ ਦੀ ਨਿਗਰਾਨੀ ਕਰਨ ਅਤੇ ਰਾਸ਼ਟਰੀ ਰਾਜਮਾਰਗਾਂ, ਸ਼ਹਿਰ ਅਤੇ ਪੇਂਡੂ ਪੱਟੀ ਦੇ ਨਾਲ-ਨਾਲ ਸੀਵਰੇਜ ਪ੍ਰਣਾਲੀਆਂ ਅਤੇ ਨਾਲੀਆਂ ਦਾ ਨਿਰੀਖਣ ਕਰਨ ਲਈ ਤੁਰੰਤ ਜਵਾਬ ਦੇਣ ਵਾਲੀਆਂ ਟੀਮਾਂ (ਕਿਊ.ਆਰ.ਟੀਜ) ਬਣਾਉਣ ਦੇ ਹੁਕਮ ਦਿੱਤੇ | ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਆਗਾਮੀ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪਾਲਨਾ ਸਰਟੀਫਿਕੇਟ ਜਮ੍ਹਾ ਕਰਾਉਣ ਦੇ ਨਿਰਦੇਸ਼ ਦਿੱਤੇ | ਹੜ੍ਹਾਂ ਦੀ ਰੋਕਥਾਮ ਸਬੰਧੀ ਤਿਆਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਮਰਜੈਂਸੀ ਦੌਰਾਨ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਵਿਭਾਗਾਂ ਵਿਚਕਾਰ ਨਜ਼ਦੀਕੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਜਦੋਂ ਵੀ ਲੋੜ ਹੋਵੇ ਕੁਇੱਕ ਰਿਸਪਾਂਸ ਟੀਮਾਂ ਨੂੰ ਜੁਟਾਉਣ ਵਿਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ ਅਤੇ ਕੰਟਰੋਲ ਰੂਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣ ਦੇ ਵੀ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤੁਰੰਤ ਰਿਸਪਾਂਸ ਟੀਮਾਂ ਵਿਚ ਭਾਰਤੀ ਫੌਜ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ., ਡਰੇਨੇਜ ਵਿਭਾਗ, ਪੀ.ਡਬਲਯੂ.ਡੀ., ਜਲ ਸਪਲਾਈ ਵਿਭਾਗ, ਟਰਾਂਸਪੋਰਟ ਵਿਭਾਗ, ਸਿਹਤ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ, ਪੀ.ਐਸ.ਪੀ.ਸੀ.ਐਲ., ਮਨਰੇਗਾ, ਪਸ਼ੂ ਪਾਲਣ, ਖੇਤੀਬਾੜੀ ਵਿਭਾਗ, ਐਨ.ਐਚ.ਏ.ਆਈ. ਅਤੇ ਹੋਰ ਸਬੰਧਿਤ ਏਜੰਸੀਆਂ ਦੇ ਅਧਿਕਾਰੀ ਸ਼ਾਮਿਲ ਹੋਣੇ ਚਾਹੀਦੇ ਹਨ | ਡਿਪਟੀ ਕਮਿਸ਼ਨਰ ਜੈਨ ਨੇ ਅਧਿਕਾਰੀਆਂ ਨੂੰ ਅੱਗੇ ਹਦਾਇਤ ਕੀਤੀ ਕਿ ਉਹ ਸਤਲੁਜ ਦਰਿਆ ਦੇ ਨਾਲ ਲੱਗਦੇ ਸਾਰੇ ਸੰਵੇਦਨਸ਼ੀਲ ਸਥਾਨਾਂ ਦਾ ਜਲਦ ਤੋਂ ਜਲਦ ਨਿਰੀਖਣ ਕਰਨ, ਜਿਸ ਵਿਚ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿਚ ਬੁੱਢਾ ਦਰਿਆ ਦੇ ਉੱਪਰਲੇ ਅਤੇ ਹੇਠਲੇ ਹਿੱਸੇ ਸ਼ਾਮਿਲ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਤਿਆਰੀ ਦੇ ਯਤਨਾਂ ਵਿਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀਆਂ ਨੂੰ ਪਾਲਨਾ ਰਿਪੋਰਟਾਂ ਜਮ੍ਹਾ ਕਰਾਉਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ ਅਤੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਪੂਰੀ ਤਿਆਰੀ ਰੱਖਣ ਦੇ ਨਿਰਦੇਸ਼ ਦਿੰਦੇ ਹੋਏ ਸਪੱਸ਼ਟ ਤੌਰ 'ਤੇ ਕਿਹਾ ਕਿ ''ਆਮ ਜਨਤਾ ਨੂੰ ਕਿਸੇ ਵੀ ਸਥਿਤੀ ਵਿਚ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ |U ਡਿਪਟੀ ਕਮਿਸ਼ਨਰ ਨੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਅਮਿਤ ਬੈਂਬੀ, ਡਾ. ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਉਪਿੰਦਰਜੀਤ ਕੌਰ ਬਰਾੜ, ਪ੍ਰੀਤ ਇੰਦਰ ਬੈਂਸ, ਖੁਸ਼ਪ੍ਰੀਤ ਸਿੰਘ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਤਪਨ ਭਨੋਟ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸ਼ਾਮਿਲ ਸਨ |