ਲੁਧਿਆਣਾ, 2 ਜੂਨ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਨੀਟ ਪੇਪਰ ਲੀਕ ਦੇ ਵਿਰੋਧ 'ਚ ਜਗਰਾਉਂ ਪੁਲ 'ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਭਰ ਤੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ, ਪਰ ਬੜੀ ਸ਼ਰਮਨਾਕ ਗੱਲ ਹੈ, ਦੂਜੀ ਵਾਰ ਪ੍ਰਸ਼ਨ ਪੱਤਰ ਲੀਕ ਹੋਣ ਦਾ ਮਾਮਲਾ ਸਾਹਮਣੇ ਆਉਣ 'ਤੇ ਵੀ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ | ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆਵਾਂ ਕਰਵਾਉਣ ਵਿਚ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਪ੍ਰੀਖਿਆਵਾਂ ਦੇ ਪ੍ਰਬੰਧ ਲਈ ਇਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਹ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਜਦੋਂ ਇਹ ਆਪਣੇ ਫ਼ਰਜ਼ਾਂ 'ਚ ਅਸਫਲ ਰਹੇ ਹਨ ਤਾਂ ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਨੂੰ ਬਚਾਉਣ ਅਤੇ ਸੁਰੱਖਿਆ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਸੁਪਨਿਆਂ ਨਾਲ ਖਿਲਵਾੜ ਬਰਦਾਸ਼ਤਯੋਗ ਨਹੀਂ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਬੀਜੇਪੀ ਵਲੋਂ ਸਾਖਰਤਾ ਦਰ ਵਧਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਦੇਸ ਦੇ ਵਿਦਿਆਰਥੀਆਂ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ | ਇਸ ਮੌਕੇ ਸੁਰਿੰਦਰ ਡਾਵਰ, ਬਲਵਿੰਦਰ ਸਿੰਘ ਬੈਂਸ, ਪਵਨ ਦੀਵਾਨ, ਕੇ.ਕੇ. ਬਾਵਾ, ਬਿੱਟੂ ਘਟੌੜੇ, ਸਤਨਾਮ ਸਿੰਘ, ਸੁਰਿੰਦਰ ਕੌਰ, ਲਖਵੀਰ ਸਿੰਘ ਸੰਧੂ, ਬਲਦੇਵ ਪ੍ਰਧਾਨ ਨੇ ਵੀ ਇਸ ਮਾਮਲੇ ਦੀ ਨਿੰਦਾ ਕੀਤੀ | ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਵਾਰਡ ਪ੍ਰਧਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ |