ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਇਕ ਅੰਤਰਰਾਜੀ ਏ.ਟੀ.ਐਮ. ਤੋੜਨ ਵਾਲੇ ਗਰੋਹ ਦੇ 2 ਖ਼ਤਰਨਾਕ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਕਾਬੂ ਕੀਤੇ ਗਏ ਇਹ ਮੁਲਜ਼ਮ ਕਈ ਜ਼ਿਲਿ੍ਹਆਂ 'ਚ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਦੀਪਕ ਕੁਮਾਰ ਉਰਫ਼ ਦੀਪੂ ਬਿਹਾਰੀ ਵਾਸੀ ਅੰਮਿ੍ਤਸਰ ਅਤੇ ਜਸਵਿੰਦਰ ਸਿੰਘ ਉਰਫ਼ ਜੱਸ ਵਾਸੀ ਤਰਨ ਤਾਰਨ ਰੋਡ ਅੰਮਿ੍ਤਸਰ ਸ਼ਾਮਿਲ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੀਪਕ ਕੁਮਾਰ ਖ਼ਿਲਾਫ਼ 21 ਮਾਮਲੇ ਦਰਜ ਹਨ, ਜਿਨ੍ਹਾਂ 'ਚ ਕਤਲ, ਕਾਤਲਾਨਾ ਹਮਲਾ, ਡਕੈਤੀ, ਅਸਲ੍ਹਾ ਐਕਟ, ਜੇਲ੍ਹ ਐਕਟ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਸ਼ਾਮਿਲ ਹਨ, ਜਦਕਿ ਦੂਜੇ ਕਥਿਤ ਦੋਸ਼ੀ ਜਸ ਖ਼ਿਲਾਫ਼ ਵੀ ਪੰਜ ਸੰਗੀਨ ਮਾਮਲੇ ਵੱਖ-ਵੱਖ ਸ਼ਹਿਰਾਂ ਵਿਚ ਦਰਜ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵੱਖ-ਵੱਖ ਜ਼ਿਲਿ੍ਹਆਂ 'ਚ ਅੱਧੀ ਦਰਜਨ ਦੇ ਕਰੀਬ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 19 ਅਤੇ 20 ਮਈ ਦੀ ਦਰਮਿਆਨੀ ਰਾਤ ਨੂੰ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਨੂਰਵਾਲਾ ਰੋਡ ਸਥਿਤ ਇਕ ਏਟੀਐਮ ਤੋੜਨ ਦੀ ਕੋਸ਼ਿਸ਼ ਕੀਤੀ ਗਈ | ਇਸ ਦੌਰਾਨ ਉੱਥੇ ਅੱਗ ਲੱਗ ਗਈ, ਜਿਸ ਕਾਰਨ ਇਹ ਭੱਜ ਪਏ | ਸਾਇਰਨ ਵੱਜਣ 'ਤੇ ਮੌਕੇ ਤੇ ਮੌਜੂਦ ਪੀਸੀਆਰ ਦੇ ਦੱਸੇ ਨੇ ਜਦੋਂ ਇਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਤੇ ਫ਼ਰਾਰ ਹੋ ਗਏ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਜਦੋਂ ਪੁਲਿਸ ਨੇ ਇਸ ਦੀ ਜਾਂਚ ਕੀਤੀ ਤਾਂ ਉਕਤ ਕਥਿਤ ਦੋਸ਼ੀਆਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ | ਉ੍ਹਨਾਂ ਦੱਸਿਆ ਕਿ ਕਥਿਤ ਦੋਸ਼ੀ ਜੱਸ ਦੀ ਗਿ੍ਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਇਸ ਗਰੋਹ ਦੇ ਛੇ ਹੋਰ ਮੈਂਬਰਾਂ ਬਾਰੇ ਪਤਾ ਲੱਗਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਗਰੋਹ ਦੇ ਮੈਂਬਰ ਦਿਨ ਵੇਲੇ ਅਲੱਗ-ਅਲੱਗ ਥਾਵਾਂ 'ਤੇ ਏਟੀਐਮ ਦੀ ਰੈਕੀ ਕਰਦੇ ਸਨ ਅਤੇ ਰਾਤ ਨੂੰ ਗੈਸ ਕੱਟਣਾ ਰਾਹੀਂ ਏਟੀਐਮ ਨੂੰ ਕੱਟਣ ਤੋਂ ਬਾਅਦ ਉਸ ਵਿਚੋਂ ਪੈਸੇ ਲੁੱਟ ਲੈਂਦੇ ਸਨ ਤੇ ਫ਼ਰਾਰ ਹੋ ਜਾਂਦੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ ਇਕ ਪਸਤੌਲ, ਕਾਰਤੂਸ, ਗੈਸ ਕਟਰ, ਸਿਲੰਡਰ ਅਤੇ ਇਕ ਕਾਰ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਵਲੋਂ ਇਸ ਸਬੰਧੀ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਸੀ |