ਲੁਧਿਆਣਾ, 2 ਜੂਨ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੇਸ਼ ਕੀਤੀ ਗਈ ਰਿਪੋਰਟ ਨੰੂ ਲੈ ਕੇ ਮੁਲਾਜ਼ਮ ਵਰਗ 'ਚ ਰੋਸ ਦੇਖਣ ਨੰੂ ਮਿਲਿਆ | ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹਾ ਹੈੱਡਕੁਆਟਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਰਿਪੋਰਟ ਦੀਆਂ ਕਾਪੀਆਂ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਇਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਦੀਪ ਭੁੰਬਕ ਅਤੇ ਚੇਅਰਮੈਨ ਸੰਜੀਵ ਭਾਰਗਵ ਨੇ ਕਿਹਾ ਕਿ ਰਿਪੋਰਟ ਵਿਚ ਦਰਜ ਕੁਝ ਮੁੱਦੇ ਮੁਲਾਜ਼ਮਾਂ ਦੇ ਹਿਤਾਂ ਦੇ ਉਲਟ ਨਜ਼ਰ ਆ ਰਹੇ ਹਨ, ਜਿਸ ਕਾਰਨ ਮੁਲਾਜ਼ਮ ਵਰਗ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ, ਵੱਖ-ਵੱਖ ਭੱਤਿਆਂ ਅਤੇ ਹੋਰ ਵਿੱਤੀ ਮੰਗਾਂ ਸਬੰਧੀ ਮੁਲਾਜ਼ਮ ਲੰਬੇ ਸਮੇਂ ਤੋਂ ਸਰਕਾਰ ਵੱਲ ਵੇਖ ਰਹੇ ਹਨ | ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੰੂ ਉਮੀਦ ਹੈ ਕਿ 3 ਜੂਨ ਨੰੂ ਹੋਣ ਵਾਲੀ ਮੀਟਿੰਗ ਦੌਰਾਨ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਸਕਾਰਾਤਮਿਕ ਰਵੱਈਆ ਅਪਣਾਇਆ ਜਾਵੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦੇ ਹੱਲ ਲਈ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ ਤਾਂ ਸੰਘਰਸ਼ ਨੰੂ ਹੋਰ ਤਿੱਖਾ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ | ਇਸ ਮੌਕੇ ਵਿਕਾਸ ਜੁਨੇਜਾ, ਲਖਵੀਰ ਸਿੰਘ, ਅਮਰਜੀਤ ਸਿੰਘ, ਜਗਤਾਰ ਸਿੰਘ ਰਾਜੋਆਣਾ, ਰਾਜਵੰਤ ਕੌਰ, ਰਜਿੰਦਰਪਾਲ ਕੌਰ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਵਿਮਲਜੀਤ ਕੌਰ, ਧਰਮਪਾਲ ਸਿੰਘ, ਰਾਕੇਸ਼ ਕੁਮਾਰ, ਦਵਿੰਦਰ ਸਿੰਘ, ਗੁਰਦਾਸ ਸਿੰਘ ਆਦਿ ਮੌਜੂਦ ਸਨ |