ਫੁੱਲਾਂਵਾਲ, 6 ਜੂਨ (ਮਨਜੀਤ ਸਿੰਘ ਦੁੱਗਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਧਰਤੀ ਠੱਕਰਵਾਲ ਸਥਿਤ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਪੌਦਿਆਂ ਦੀ ਮਹੱਤਤਾ ਬਾਰੇ ਦੱਸਿਆ ਕਿ ਪੌਦੇ ਸਾਡੇ ਵਾਤਾਵਰਨ ਨੂੰ ਕਿਵੇਂ ਸਾਫ਼ ਰੱਖਦੇ ਹਨ | ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਦਿਆਰਥੀਆਂ ਦੁਆਰਾ ਪੌਦੇ ਲਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਓਲ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਜੰਗਲਾਂ ਦੀ ਕਟਾਈ ਅਤੇ ਗਲੋਬਲ ਵਾਰਮਿੰਗ ਦੀ ਸਮੱਸਿਆ 'ਤੇ ਚਾਨਣਾ ਪਾਇਆ | ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ |