ਡੇਹਲੋਂ, 8 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਤੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਮੁਹਿੰਮ ਨੂੰ ਹੋਰ ਸਫ਼ਲ ਬਣਾਉਣ ਲਈ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡਾਂ ਅਤੇ ਵਾਰਡਾਂ ਅੰਦਰ ਬਣੀਆਂ ਰੱਖਿਆ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਸਮੇਂ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਹੁਣ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁੱਟ ਹੋ ਕੇ ਕੰਮ ਕਰ ਰਿਹਾ ਹੈ, ਜਿਸ ਦੀ ਬਦੌਲਤ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁਨ ਦੌਰ ਵਿਚ ਪੁੱਜ ਚੁੱਕੀ ਹੈ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਸਲੇ ਤੋੜੇ ਹਨ, ਉੱਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ | ਉਨ੍ਹਾਂ ਇਹ ਵੀ ਦਾਅਵਾ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨਾਲ ਪੰਜਾਬ, ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣ ਜਾਵੇਗਾ | ਇਸ ਸਮੇਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਅੱਜ ਸਰਕਾਰੀ ਪੱਧਰ 'ਤੇ ਕੀਤੀ ਵਿਸ਼ੇਸ਼ ਇਕੱਤਰਤਾ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ ਬੁਲਾਏ ਗਏ ਸਨ | ਇਸ ਸਮੇਂ ਏ. ਸੀ. ਪੀ. ਦੱਖਣੀ ਅੰਗਰੇਜ਼ ਸਿੰਘ ਨੇ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ ਨਹੀਂ, ਬਲਕਿ ਸਮਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਇਕ ਅੰਦੋਲਨ ਹੈ, ਜਿਸ ਵਿਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ ਮਿਲ ਕੇ ਖ਼ਾਤਮਾ ਕਰਨਾ ਮਿਥਿਆ ਗਿਆ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨਾਲ ਸਬੰਧਿਤ ਕਿਸੇ ਵੀ ਗਤੀਵਿਧੀ ਬਾਰੇ ਤੁਸੀਂ ਇਤਲਾਹ ਪੁਲਿਸ ਨੂੰ ਜ਼ਰੂਰ ਦਿਓ ਪੁਲਿਸ ਵਲੋਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ | ਇਸ ਸਮੇਂ ਥਾਣਾ ਸਾਹਨੇਵਾਲ ਮੁਖੀ ਇੰਸਪੈਕਟਰ ਵਰਿੰਦਰ ਸਿੰਘ ਉੱਪਲ, ਤਹਿਸੀਲਦਾਰ ਉਂਕਾਰ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਉਲ ਗੁਰਮ, ਕਾਨੂੰਗੋ ਦਲਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਵਲੋਂ ਰਵਿੰਦਰ ਚੋਪੜਾ ਸਮੇਤ ਸਮਾਗਮ ਦੌਰਾਨ ਹਾਜ਼ਰ ਪਿੰਡਾਂ ਦੀਆਂ ਪੰਚਾਇਤਾਂ, ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ, ਨੌਜਵਾਨਾਂ, ਯੂਥ ਕਲੱਬਾਂ ਅਤੇ ਬੁੱਧੀਜੀਵੀਆਂ ਨੇ ਇੱਕਜੁੱਟਤਾ ਨਾਲ ਪ੍ਰਸ਼ਾਸਨ ਦੀ ਸਰਗਰਮ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਸਮੇਂ ਪੀ. ਏ. ਜਸਵਿੰਦਰ ਸਿੰਘ ਜੱਸੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਸੰਮਤੀ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਸੰਮਤੀ ਮੈਂਬਰ ਐਡਵੋਕੇਟ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਦਫ਼ਤਰ ਇੰਚਾਰਜ ਮਨਦੀਪ ਸਿੰਘ ਰਵੀ ਝੰਮਟ ਸਮੇਤ ਹਲਕਾ ਗਿੱਲ ਦੇ ਪਿੰਡਾਂ ਸਮੇਤ ਵਾਰਡਾਂ ਦੀਆਂ ਰੱਖਿਆ ਕਮੇਟੀਆਂ ਦੇ ਅਹੁਦੇਦਾਰ ਹਾਜ਼ਰ ਸਨ |