ਲੁਧਿਆਣਾ, 19 ਜੂਨ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਮਾਧੋਪੁਰੀ ਨੇੜੇ ਤਿਲਕ ਨਗਰ ਇਲਾਕੇ ਵਿਚ ਸ਼ੁੱਕਰਵਾਰ ਸ਼ਾਮ ਨੂੰ ਇਕ ਬਹੁ- ਮੰਜ਼ਿਲਾ ਜੈਕਟ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੇ ਇਲਾਕੇ ਵਿਚ ਹੜਕੰਪ ਮੱਚ ਗਿਆ। ਅੱਗ ਲੱਗਣ ਨਾਲ ਆਸ-ਪਾਸ ਦੇ ਘਰਾਂ ਅਤੇ ਫੈਕਟਰੀਆਂ ਵਿਚ ਮੌਜੂਦ ਲੋਕ ਘਬਰਾਹਟ ਵਿਚ ਤੁਰੰਤ ਬਾਹਰ ਨਿਕਲ ਆਏ। ਕੁਝ ਹੀ ਪਲਾਂ ਵਿਚ ਕਾਲੇ ਧੂੰਏ ਨੂੰ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਾਣਕਾਰੀ ਅਨੁਸਾਰ ਫੈਕਟਰੀ ਦੂਜੀ ਮੰਜ਼ਿਲ ‘ਤੇ ਸ਼ਾਮ ਕਰੀਬ 5 ਵਜੇ ਅੱਗ ਲੱਗੀ। ਉਸ ਵੇਲੇ ਅੰਦਰ ਕੰਮ ਕਰ ਰਹੇ ਮਜ਼ਦੂਰਾਂ ਨੇ ਧੂੰਆਂ ਦੇਖਦੇ ਹੀ ਤੁਰੰਤ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਉਪਰੀ ਮੰਜ਼ਿਲ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਫੈਕਟਰੀ ਮਾਲਕ ਦੇ ਭਰਾ ਰਾਜਨ ਵਿਆਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅੱਗ ਦਾ ਪਤਾ ਲੱਗਾ, ਉਹ ਖੁਦ ਭੱਜਕੇ ਦੂਜੀ ਮੰਜ਼ਿਲ ‘ਤੇ ਪਹੁੰਚੇ ਅਤੇ ਜਿੱਥੇ ਮੌਜੂਦ ਅੱਗ ਬੁਝਾਉ ਯੰਤਰਾਂ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਅੱਗ ਬਹੁਤ ਤੇਜ਼ੀ ਨਾਲ ਫੈਲਣ ਕਾਰਨ ਇਸ ਨੂੰ ਬੁਝਾਇਆ ਨਹੀਂ ਜਾ ਸਕਿਆ। ਫੈਕਟਰੀ ਪ੍ਰਬੰਧਨ ਵਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਅਤੇ ਅੱਗ ਤੇ ਕਾਬੂ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ। ਅੱਗ ਜ਼ਿਆਦਾ ਹੋਣ ਕਾਰਨ ਹੋਰ ਫਾਇਰ ਟੈਂਡਰ ਵੀ ਮੰਗਵਾਉਣੇ ਪਏ। ਇਲਾਕੇ ਦੀਆਂ ਤੰਗ ਗਲੀਆਂ ਕਾਰਨ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਬਚਾਅ ਕਾਰਜ ਦੌਰਾਨ ਭਾਰੀ ਅੜਚਣਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਸੁਰੱਖਿਆ ਦੇ ਮੱਦੇਨਜ਼ਰ ਲੋਕਾਂ ਨੂੰ ਦੂਰ ਰੱਖਿਆ ਗਿਆ। ਖਬਰ ਲਿਖੇ ਜਾਣ ਤੱਕ ਅੱਗ ਤੇ ਕਾਬੂ ਪਾਉਣ ਦੇ ਯਤਨ ਜਾਰੀ ਸਨ। ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।
ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।
ਅਜੀਤ ਡੈਸਕ
20-06-2026