ਲੁਧਿਆਣਾ, 20 ਜੂਨ (ਜਸਵਿੰਦਰ ਸਿੰਘ)-ਅਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ ਦੀਆਂ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਸੁੱਖ ਗਿੱਲ ਮੋਗਾ, ਸਤਨਾਮ ਸਿੰਘ ਹਰੀਕੇ, ਜਸਬੀਰ ਸਿੰਘ ਆਹਲੂਵਾਲੀਆ, ਨਛੱਤਰ ਸਿੰਘ ਬਿਜਲੀ ਨੰਗਲ, ਪਰਮਜੀਤ ਸਿੰਘ ਜੱਬੋਵਾਲ, ਸਾਰਜ ਸਿੰਘ ਬੰਬ, ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਭੁਪਿੰਦਰ ਸਿੰਘ ਕੋਟ ਦੁੱਨਾਂ, ਜਗਮੀਤ ਸਿੰਘ ਜੱਗਾ, ਸਵਰਨ ਸਿੰਘ ਕੋਟ ਕਰੋੜ, ਜਗਦੀਪ ਸਿੰਘ ਖਾਲਸਾ, ਸ਼ਰਨਜੀਤ ਸਿੰਘ ਸਰਾਂ, ਲਖਬੀਰ ਸਿੰਘ ਸੌਂਟੀ ਨੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 4 ਜੂਨ ਨੂੰ ਕਿਸਾਨ ਆਗੂਆਂ ਦੀ ਹੋਈਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਅਤੇ ਟੋਲ ਪਲਾਜ਼ੇ ਦੇ ਆਗੂ ਵਲੋਂ ਬੋਲੀ ਗਈ ਮਾੜੀ ਸ਼ਬਦਾਵਲੀ ਕਰਕੇ 22 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੋਗਾ ਜ਼ਿਲ੍ਹੇ ਦਾ ਕੜਾਹੇਵਾਲਾ ਟੋਲ ਪਲਾਜ਼ਾ ਜਾਮ ਕੀਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ। ਮੋਰਚੇ ਨੇ ਇਹ ਵੀ ਮੰਗ ਕੀਤੀ ਕਿ ਕੇਜਰੀਵਾਲ ਮੁੱਖ ਮੰਤਰੀ ਨੂੰ ਪਾਰਟੀ ਵਿਚੋਂ ਬਾਹਰ ਕਰਨ ਬਾਰੇ ਫ਼ੈਸਲਾ ਲੈਣ। ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ 24 ਜੂਨ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਸਵੇਰੇ 11 ਵਜੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਜਾਣਗੇ।