ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਵਾਲੇ ਹੰਕਾਰੀ ਮੁੱਖ ਮੰਤਰੀ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰੇਗੀ ਅਤੇ ਅਜਿਹੇ ਹੰਕਾਰੀ ਮੁੱਖ ਮੰਤਰੀ ਦਾ ਹਸ਼ਰ ਮਾੜਾ ਹੋਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਮਹਾਨ ਹੈ ਅਤੇ ਇਤਿਹਾਸ ਗਵਾਹ ਹੈ ਕਿ ਜਿਸ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਇਆ ਹੈ, ਉਸ ਦਾ ਹਸ਼ਰ ਮਾੜਾ ਹੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਸਾਬਤ ਕਰਨ ਲਈ ਕਈ ਚਾਲਾਂ ਚਲੀਆਂ ਜਾ ਰਹੀਆਂ ਹਨ, ਜੋ ਕਿ ਕਦੇ ਵੀ ਸਫਲ ਨਹੀਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦਾ ਅਸਲੀ ਚਿਹਰਾ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ। ਅਤੇ ਹੁਣ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਇਸ ਗੁਰੂ ਦੋਖੀ ਅਤੇ ਪੰਥ ਵਿਰੋਧੀ ਹੰਕਾਰੀ ਮੁੱਖ ਮੰਤਰੀ ਸੱਤਾ ਤੋਂ ਲਾਂਬੇ ਕੀਤਾ ਜਾ ਸਕੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਮੰਤਰੀਆਂ ਅਤੇ ਵਿਧਾਇਕਾਂ ਦਾ ਬਾਈਕਾਟ ਕਰਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਆਪਣੀ ਗ਼ਲਤੀਆਂ ਮੰਨ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਨਤਮਸਤਕ ਹੋ ਕੇ ਭੁੱਲਾਂ ਬਖ਼ਸ਼ਾਉਣ। ਇਸ ਮੌਕੇ ਬਾਬਾ ਅਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਵਾਲੇ ਮੁੱਖ ਮੰਤਰੀ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰੇਗੀ-ਜਥੇਦਾਰ ਗਾਬੜੀਆ
ਅਜੀਤ ਡੈਸਕ
25-06-2026