ਲੁਧਿਆਣਾ, 28 ਜੂਨ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਜਿੱਥੇ ਸੂਬੇ ਅੰਦਰ ਵਿਕਾਸ ਕਾਰਜ ਰੁਕੇ ਹੋਏ ਹਨ, ਉਥੇ ਹੀ ਕਾਰੋਬਾਰ ਵੀ ਬੰਦ ਹੋਣ ਕਿਨਾਰੇ ’ਤੇ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਸੂਬੇ ਦੇ ਲੋਕ ਇਹ ਸਮਝ ਚੁੱਕੇ ਹਨ ਕਿ ਤਜਰਬੇ ਦੀ ਘਾਟ ਹੋਣ ਕਰਕੇ ਆਮ ਆਦਮੀ ਪਾਰਟੀ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇਹ ਖ਼ਾਸੀਅਤ ਰਹੀ ਹੈ ਕਿ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੀ ਮਾਨਤਾ ਦਿੱਤੀ ਹੈ ਅਤੇ ਇਸ ਨੂੰ ਹੀ ਉਹ ਆਪਣੀ ਖੇਤਰੀ ਪਾਰਟੀ ਸਮਝਦੇ ਹਨ, ਕਿਉਂਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਹੁੰਦਿਆਂ ਪੰਜਾਬ ਅੰਦਰ ਕਰਵਾਏ ਗਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਸੂਬੇ ਦੇ ਲੋਕ ਨਾ ਭੁੱਲੇ ਹਨ ਅਤੇ ਨਾ ਹੀ ਭੁੱਲਣਗੇ। ਉਨ੍ਹਾਂ ਪੰਜਾਬ ਸਿਰ ਵੱਧ ਰਹੇ ਕਰਜ਼ੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਦਿਨ ਬ ਦਿਨ ਭਾਰੀ ਹੁੰਦੀ ਜਾ ਰਹੀ ਹੈ, ਜੋ ਕਿ ਪੰਜਾਬ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਹੈ।