ਲੁਧਿਆਣਾ, 30 ਜੂਨ (ਡਾ. ਤਰਲੋਚਨ ਸਿੰਘ)-ਪੰਜਾਬ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੀ ਕਮਿਸ਼ਨਰ ਕਮਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫ਼ਤਰ, ਲੁਧਿਆਣਾ ਵਲੋਂ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ ਕੋਟਪਾ ਦੀਆਂ ਧਾਰਾਵਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਸ਼ਹਿਰ ਵਿਚ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਵਾਸਤੇ ਚਾਰ ਸਾਂਝੀਆਂ ਇਨਫੋਰਸਮੈਂਟ ਟੀਮਾਂ ਦਾ ਗਠਨ ਕੀਤਾ ਗਿਆ। ਹਰ ਟੀਮ ਵਿਚ ਇਕ ਡਰੱਗ ਇੰਸਪੈਕਟਰ, ਇਕ ਫੂਡ ਸੇਫ਼ਟੀ ਅਫ਼ਸਰ ਅਤੇ ਇਕ ਪੁਲਿਸ ਅਧਿਕਾਰੀ ਨੂੰ ਸ਼ਾਮਿਲ ਕੀਤਾ ਗਿਆ ਤਾਂ ਜੋ ਤੰਬਾਕੂ ਉਤਪਾਦਾਂ ਦੀ ਗੈਰ-ਕਾਨੂੰਨੀ ਵਿੱਕਰੀ ਖ਼ਿਲਾਫ਼ ਪ੍ਰਭਾਵਸ਼ਾਲੀ ਅਤੇ ਤਾਲਮੇਲ ਨਾਲ ਕਾਰਵਾਈ ਕੀਤੀ ਜਾ ਸਕੇ। ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ ਟੀਮਾਂ ਵਲੋਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸਥਿਤ 7 ਸਿਗਰਟ ਅਤੇ ਤੰਬਾਕੂ ਉਤਪਾਦਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 1 ਦੁਕਾਨ ਤੋਂ ਲਾਜ਼ਮੀ ਤਸਵੀਰੀ ਸਿਹਤ ਚੇਤਾਵਨੀ ਤੋਂ ਬਿਨਾਂ ਵਿੱਕਰੀ ਲਈ ਰੱਖੇ ਸਿਗਰਟਾਂ ਦੇ 292 ਪੈਕਟ ਬਰਾਮਦ ਕੀਤੇ ਗਏ। ਉਕਤ ਸਾਰਾ ਸਟਾਕ ਕੋਟਪਾ ਐਕਟ ਦੀਆਂ ਧਾਰਾਵਾਂ ਅਧੀਨ ਮੌਕੇ ’ਤੇ ਹੀ ਜ਼ਬਤ ਕਰ ਲਿਆ ਗਿਆ। ਸਬੰਧਿਤ ਦੁਕਾਨਦਾਰ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਕੋਟਪਾ ਐਕਟ ਦੇ ਤਹਿਤ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਤੰਬਾਕੂ ਕੰਟਰੋਲ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਤੰਬਾਕੂ ਕੰਟਰੋਲ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਉਤਪਾਦਾਂ ’ਤੇ ਲਾਜ਼ਮੀ ਤਸਵੀਰੀ ਸਿਹਤ ਚੇਤਾਵਨੀਆਂ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਹੋਣ ਵਾਲੇ ਗੰਭੀਰ ਸਿਹਤ ਖ਼ਤਰਿਆਂ ਬਾਰੇ ਜਾਗਰੂਕ ਕਰਨ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਇਸ ਦੀ ਵਰਤੋਂ ਤੋਂ ਦੂਰ ਰੱਖਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਸਾਰੇ ਥੋਕ ਵਿਕ੍ਰੇਤਾਵਾਂ, ਡਿਸਟ੍ਰੀਬਿਊਟਰਾਂ ਅਤੇ ਪਰਚੂਨ ਵਿਕ੍ਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਉਹੀ ਤੰਬਾਕੂ ਉਤਪਾਦਾਂ ਦੀ ਵਿੱਕਰੀ ਕਰਨ ਜੋ ਕਾਨੂੰਨੀ ਤੌਰ ’ਤੇ ਨਿਰਧਾਰਿਤ ਤਸਵੀਰੀ ਸਿਹਤ ਚਿਤਾਵਨੀਆਂ ਨਾਲ ਲੈਸ ਹੋਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕੋਟਪਾ ਐਕਟ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।