ਲੁਧਿਆਣਾ, 30 ਜੂਨ (ਜਸਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ, ਪ੍ਰੇਮ ਸਿੰਘ ਭੰਗੂ ਅਤੇ ਬਲਵਿੰਦਰ ਸਿੰਘ ਰਾਜੂ ਅਤੇ ਹੋਰ ਆਗੂਆਂ ਵਲੋਂ ਭਾਜਪਾ ਸਰਕਾਰ ਵਲੋਂ ਦੂਜੇ ਦੇਸ਼ਾਂ ਨਾਲ ਕੀਤੇ ਗਏ ਸਮਝੌਤੇ ਅਤੇ ਪ੍ਰਸਤਾਵਿਤ ਅਮਰੀਕਾ-ਭਾਰਤ ਦੁਵੱਲੇ ਵਪਾਰ ਸਮਝੌਤੇ (ਬੀ.ਟੀ.ਏ.) ਅਤੇ ਐਫ.ਟੀ.ਏ. ਦਾ ਜ਼ੋਰਦਾਰ ਵਿਰੋਧ ਕੀਤਾ ਗਿਆ, ਜਿਸ ਨਾਲ ਦੇਸ਼ ਦਾ ਵਿਸ਼ਾਲ ਬਾਜ਼ਾਰ ਵਿਦੇਸ਼ੀ ਨਿਵੇਸ਼ਕਾਂ ਅਤੇ ਵਪਾਰੀਆਂ ਲਈ ਖੋਲ੍ਹਿਆ ਜਾ ਸਕਦਾ ਹੈ। ਮੀਟਿੰਗ ਦਾ ਵਿਚਾਰ ਸੀ ਕਿ ਵਿਸ਼ਵ-ਵਿਆਪੀ ਪੂੰਜੀ ਅਤੇ ਵਪਾਰ ਦਾ ਫੈਲਾਅ ਘਰੇਲੂ ਬਾਜ਼ਾਰ ਅਤੇ ਆਰਥਿਕਤਾ ਨੂੰ ਤਬਾਹ ਕਰ ਦੇਵੇਗਾ ਅਤੇ ਇਸ ਤਰ੍ਹਾਂ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਸਮਝੌਤੇ ਕਾਰਪੋਰੇਟਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ । ਮੀਟਿੰਗ ਵਿਚ 22 ਜੁਲਾਈ ਨੂੰ ਦੁਪਹਿਰ 12.00 ਵਜੇ ਤੋਂ 3.00 ਵਜੇ ਤੱਕ ਪ੍ਰਸਤਾਵਿਤ ਬੀ.ਟੀ.ਏ. ਅਤੇ ਐਫ.ਟੀ.ਏ. ਵਿਰੁੱਧ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿਚ ਖਾਦਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿਲ, ਬਲਦੇਵ ਸਿੰਘ ਨਿਹਾਲਗੜ੍ਹ, ਸਤਨਾਮ ਸਿੰਘ ਅਜਨਾਲਾ, ਰਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਸ਼ਾਦੀਪੁਰ, ਹਰਭਜਨ ਸਿੰਘ ਬੁੱਟਰ, ਗੁਰਮੀਤ ਸਿੰਘ ਮਹਿਮਾ, ਗੁਰਨਾਮ ਸਿੰਘ ਭੀਖੀ, ਸੁਖਦੇਵ ਸਿੰਘ ਅਰਾਈਆਂਵਾਲਾ, ਨਛੱਤਰ ਸਿੰਘ ਜੈਤੋਂ ਅਤੇ ਹੋਰ ਹਾਜ਼ਰ ਸਨ।