ਲੁਧਿਆਣਾ, 1 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੁੱਧਵਾਰ ਨੂੰ ਨਗਰ ਨਿਗਮ ਦੇ ਜ਼ੋਨ ਡੀ. ਦਫ਼ਤਰ ਵਿਖੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਦੌਰਾਨ ਬੁੱਢੇ ਦਰਿਆ ਵਿਚ ਗੋਹਾ ਅਤੇ ਹੋਰ ਗੰਦਗੀ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਰੁੱਖ ਵਿਖਾਇਆ। ਉਨ੍ਹਾਂ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਅਜਿਹੇ ਡੇਅਰੀ ਮਾਲਕਾਂ ਅਤੇ ਹੋਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੁੱਢੇ ਦਰਿਆ ਵਿਚ ਗੋਹਾ ਜਾਂ ਕੂੜਾ ਸੁੱਟਣ ਵਾਲਿਆਂ ‘ਤੇ ਨਕੇਲ ਕੱਸੀ ਜਾਵੇ ਅਤੇ ਲੋੜ ਪੈਣ ‘ਤੇ ਵਾਤਾਵਰਣ ਮੁਆਵਜ਼ਾ ਵੀ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਹੱਦ ਅੰਦਰ ਜਾਂ ਬਾਹਰ ਦਰਿਆ ਵਿਚ ਗੰਦਗੀ ਸੁੱਟਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਇਕੋ ਜਿਹੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸਤੋਂ ਇਲਾਵਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ਦੇ ਬਿਜਲੀ ਕੁਨੈਕਸ਼ਨ ਕੱਟਣ ਅਤੇ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ ਗਏ। ਮੀਟਿੰਗ ਦੌਰਾਨ ਸੀਵਰੇਜ ਸੋਧ ਪਲਾਂਟਾਂ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ। ਸੰਤ ਸੀਚੇਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਦਰਿਆ ਵਿਚ ਕਿਸੇ ਵੀ ਕਿਸਮ ਦੀ ਗੰਦਗੀ ਸੁੱਟਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਰਿਆ ਵਿਚ ਗੋਹਾ ਸੁੱਟਣ ਕਾਰਨ ਨਾ ਸਿਰਫ਼ ਪ੍ਰਦੂਸ਼ਣ ਵੱਧ ਰਿਹਾ ਹੈ। ਸਗੋਂ ਐਸ.ਟੀ.ਪੀ. ਅਤੇ ਈ.ਟੀ.ਪੀ. ਦੇ ਕੰਮਕਾਜ ‘ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਸੰਤ ਸੀਚੇਵਾਲ ਨੇ ਸਪਸ਼ਟ ਕੀਤਾ ਕਿ ਜ਼ਮੀਨੀ ਪੱਧਰ ‘ਤੇ ਹਾਲਾਤਾਂ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਕਿਸਮ ਦੀ ਢਿੱਲ ਜਾ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਨਗਰ ਨਿਗਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।