ਲੁਧਿਆਣਾ, 2 ਜੁਲਾਈ (ਭੁਪਿੰਦਰ ਸਿੰਘ ਬੈਂਸ)- ਮਾਨਸੂਨ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਨਗਰ ਨਿਗਮ ਵਲੋਂ 1700 ਸੀ.ਸੀ. ਟੀਵੀ ਕੈਮਰਿਆਂ ਨਾਲ ਲੈਸ ਮਾਨਸੂਨ ਜੰਗੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਾਭਾ ਨਗਰ ਸਥਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦੇ ਦੌਰੇ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਕਨੀਕੀ ਪ੍ਰਣਾਲੀ ਰਾਹੀ ਜਲ ਭਰਾਅ ਵਾਲੇ ਇਲਾਕਿਆਂ, ਨੀਵੇਂ ਖੇਤਰਾਂ ਅਤੇ ਸੰਵੇਦਨਸ਼ੀਲ ਨਾਲਿਆਂ ’ਤੇ 24 ਘੰਟੇ ਨਿਗਰਾਨੀ ਰੱਖੀ ਜਾਵੇਗੀ, ਜਿਸ ਨਾਲ ਸਮੱਸਿਆ ਸਾਹਮਣੇ ਆਉਂਦੇ ਹੀ ਟੀਮਾਂ ਨੂੰ ਤੁਰੰਤ ਮੌਕੇ ’ਤੇ ਭੇਜਿਆ ਜਾ ਸਕੇਗਾ। ਹਰਜੋਤ ਬੈਂਸ ਨੇ ਦੱਸਿਆ ਕਿ ਜਲਦੀ ਹੀ ਮਾਨਸੂਨ ਲਈ ਵਿਸ਼ੇਸ਼ ਮਦਦ ਹੈਲਪ ਲਾਈਨ ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਰਾਹੀਂ ਲੋਕ ਜਲ ਭਰਾਅ, ਜਾਮ ਨਾਲਿਆਂ ਜਾਂ ਹੋਰ ਸਮੱਸਿਆਵਾਂ ਦੀ ਸ਼ਿਕਾਇਤ ਦਰਜ ਕਰਵਾ ਸਕਣਗੇ। ਉਨ੍ਹਾਂ ਅਧਿਕਾਰੀਆਂ ਨੂੰ ਬੁੱਢਾ ਦਰਿਆ, ਮੁੱਖ ਸੀਵਰੇਜ ਲਾਈਨਾਂ ਦੀ ਸਫ਼ਾਈ, ਮੇਨਹੋਲ ਢੱਕਣ ਅਤੇ ਖ਼ਰਾਬ ਸੜਕਾਂ ਦੀ ਤੁਰੰਤ ਮੁਰੰਮਤ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਵੀ ਮੌਜੂਦ ਸਨ।