ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪਿੰਡ ਦੇ ਇਲਾਕੇ ਮੁਹੱਲਾ ਨਾਨਕਸਰ ਵਿਚ ਦਾਜ ਖ਼ਾਤਰ ਵਿਆਹੁਤਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰਕੇ ਪਤੀ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਵਿਆਹੁਤਾ ਚੇਤਨਾ ਦੀ ਮਾਂ ਸੁਨੀਤਾ ਰਾਣੀ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਹਰਜਿੰਦਰ ਸਿੰਘ (ਪਤੀ), ਸੋਨੀਆ, ਰੱਜੀ ਅਤੇ ਹਰਜਿੰਦਰ ਸਿੰਘ ਦੀ ਮਾਤਾ ਅਮਰਜੀਤ ਕੌਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਚੇਤਨਾ ਦੀ ਸ਼ਾਦੀ ਚਾਰ ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਹਰਜਿੰਦਰ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨ ਲੱਗ ਪਏ ਅਤੇ ਬੀਤੀ ਰਾਤ ਇਹਨਾਂ ਕਥਿਤ ਦੋਸ਼ੀਆਂ ਨੇ ਦਾਜ ਦੀ ਮੰਗ ਪੂਰੀ ਨਾ ਹੋਣ ‘ਤੇ ਉਸ ਦੀ ਹੱਤਿਆ ਕਰ ਦਿੱਤੀ। ਸੁਨੀਤਾ ਰਾਣੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਫ਼ੌਰੀ ਕਾਰਵਾਈ ਕਰਦਿਆਂ ਪਤੀ ਨੂੰ ਕਾਬੂ ਕਰ ਲਿਆ। ਜਦਕਿ ਬਾਕੀ ਕਥਿਤ ਦੋਸ਼ੀ ਅਜੇ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਵਲੋਂ ਚੇਤਨਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।