ਲੁਧਿਆਣਾ, 4 ਜੁਲਾਈ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਗਤੀਸ਼ੀਲ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਕਰਵਾਏ ਗਏ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਉਪ ਪ੍ਰਧਾਨ ਕੁਲਵਿੰਦਰ ਸਿੰਘ ਰਸ਼ੀਂਨ ਵਲੋਂ ਹਾਈਕਮਾਂਡ, ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦਾ ਇਸ ਜ਼ਿੰਮੇਵਾਰੀ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜ਼ਮੀਨੀ ਪੱਧਰ ’ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ। ਮੌਜੂਦਾ ਸਿਆਸੀ ਹਾਲਾਤਾਂ ’ਤੇ ਬੋਲਦਿਆਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਬੈਂਸ ਨੇ ਕਿਹਾ ਕਿ ਪੰਜਾਬ ਦੀ ਜਨਤਾ ਅੱਜ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਨਾਕਾਮੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੀ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ ਅਤੇ ਵਿਕਾਸ ਦੇ ਕਾਰਜ ਪੂਰੀ ਤਰ੍ਹਾਂ ਠੱਪ ਹਨ। ਲੋਕ ਹੁਣ ਬਦਲਾਅ ਦੀ ਥਾਂ ਪਛਤਾ ਰਹੇ ਹਨ ਅਤੇ ਕਾਂਗਰਸ ਪਾਰਟੀ ਦੇ ਸੁਹਿਰਦ ਸ਼ਾਸਨ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਇਸ ਨਾਕਾਮ ਸਰਕਾਰ ਨੂੰ ਚੱਲਦਾ ਕਰਕੇ ਮੁੜ ਤੋਂ ਕਾਂਗਰਸ ਦੀ ਲੋਕ-ਪੱਖੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਨਵ-ਨਿਯੁਕਤ ਅਹੁਦੇਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਿਨ੍ਹਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ ਦਾ ਪ੍ਰਣ ਲਿਆ। ਇਸ ਮੌਕੇ ’ਤੇ ਬਲਾਕ ਪ੍ਰਧਾਨ ਹਲਕਾ ਦੱਖਣੀ ਬਲਜੀਤ ਸਿੰਘ ਮਾਨ ਬਲਾਕ ਪ੍ਰਧਾਨ ਟੋਨੀ ਅਰੋੜਾ ਬਲਦੇਵ ਸਿੰਘ ਪ੍ਰਧਾਨ ਰਜੇਸ਼ ਖੋਖਰ ਆਦਿ ਹਾਜ਼ਰ ਸਨ।