ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਹੈ ਕਿ ਪੰਜਾਬ ਦਾ ਭਵਿੱਖ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਹੀ ਸੂਬੇ ਦਾ ਵਿਕਾਸ ਹੋ ਸਕੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਜਿੰਨਾ ਵੀ ਵਿਕਾਸ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵਿਚ ਹੋਇਆ ਹੈ, ਓਨਾ ਕਿਸੇ ਸਰਕਾਰ ਨੇ ਨਹੀਂ ਕੀਤਾ ਹੈ। ਭੁਪਿੰਦਰ ਸਿੰਘ ਭਿੰਦਾ ਅੱਜ ਸਰਕਲ ਇੰਚਾਰਜਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ, ਪਰਉਪਕਾਰ ਸਿੰਘ ਘੁੰਮਣ, ਜਸਪਾਲ ਸਿੰਘ ਗਿਆਸਪੁਰਾ, ਜਗਬੀਰ ਸਿੰਘ ਸੋਖੀ ਵੀ ਮੌਜੂਦ ਸਨ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਿੰਦਾ ਨੇ ਦੱਸਿਆ ਕਿ ਅੱਜ ਮੀਟਿੰਗ ਦੌਰਾਨ ਸਮੁੱਚੇ 34 ਸਰਕਲ ਇੰਚਾਰਜਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਜਲਦ ਤੋਂ ਜਲਦ ਵਾਰਡ ਪ੍ਰਧਾਨ ਨਿਯੁਕਤ ਕਰਨ ਸਮੇਤ ਹੋਰਨਾਂ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕੀਤਾ ਗਿਆ, ਉਥੇ ਹੀ ਪੰਥ ਅਤੇ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਵੀ ਗੰਭੀਰ ਚਿੰਤਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਨੂੰ ਸਿਰਫ਼ ਆਪਣੇ ਜਾਂ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਦੀ ਹੀ ਲੋੜ ਨਹੀਂ, ਸਗੋਂ ਪੰਜਾਬ ਦਾ ਭਵਿੱਖ ਬਚਾਉਣ ਦੀ ਲੋੜ ਹੈ ਕਿਉਂਕਿ ਕਿਸੇ ਵੀ ਸੂਬੇ ਨੂੰ ਬਚਾਉਣ ਲਈ ਖੇਤਰੀ ਪਾਰਟੀ ਦੀ ਲੋੜ ਹੁੰਦੀ ਹੈ ਤੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਹੈ, ਜੋ ਪੰਜਾਬ ਦੇ ਹੱਕਾਂ ਅਤੇ ਹਿਤਾਂ ਲਈ ਹਮੇਸ਼ਾ ਅੱਗੇ ਖੜੀ ਨਜ਼ਰ ਆਈ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ-ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਰਹੀ ਹੈ, ਪੰਜਾਬ ਹਮੇਸ਼ਾ ਹੀ ਖ਼ੁਸ਼ਹਾਲ ਨਜ਼ਰ ਆਇਆ ਹੈ, ਜਦਕਿ ਮਾਨ ਸਰਕਾਰ ਨੇ ਪੰਜਾਬ ਨੂੰ ਲਾਂਬੂ ਲਾਉਣ ਤੋਂ ਸਿਵਾ ਹੋਰ ਕੋਈ ਕੰਮ ਨਹੀਂ ਕੀਤਾ। ਇਸ ਮੌਕੇ ਉਨ੍ਹਾਂ ਮਾਵਾਂ ਧੀਆਂ ਸਤਿਕਾਰ ਸਕੀਮ ਬਾਰੇ ਵੀ ਬੋਲਦਿਆਂ ਕਿਹਾ ਕਿ ਇਹ ਸਕੀਮ ਸਿਰਫ਼ ਡਰਾਮਾ ਸਾਬਤ ਹੋਵੇਗੀ ਕਿਉਂਕਿ ਜਿੱਥੇ 52-52 ਹਜ਼ਾਰ ਰੁਪਏ ਬਣਦੇ ਸਨ, ਉਥੇ ਸਿਰਫ਼ ਤਿੰਨ-ਤਿੰਨ ਹਜ਼ਾਰ ਰੁਪਏ ਕੁੱਝ ਕੁ ਬੀਬੀਆਂ ਦੇ ਖਾਤਿਆਂ ‘ਚ ਪਾ ਕੇ, ਵਾਹੋ ਵਾਹੀ ਖੱਟਣ ਲਈ ਕਰੋੜਾਂ ਰੁਪਏ ਇਸ਼ਤਿਹਾਰਾਂ ‘ਤੇ ਖ਼ਰਚ ਕਰ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਹੈ ਕਿਉਂਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਹੋਏ ਕੰਮਾਂ ਨੂੰ ਅਤੇ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਫਿਰ ਤੋਂ ਯਾਦ ਕਰ ਰਹੇ ਹਨ, ਜਦਕਿ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਨੇ ਪੰਜਾਬ ਦੇ ਹਰ ਵਰਗ ਦਾ ਬੁਰਾ ਹਾਲ ਕਰ ਦਿੱਤਾ, ਜਿਸਦੇ ਚੱਲਦਿਆਂ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਦੀ ਲੋੜ ਹੈ।