ਲੁਧਿਆਣਾ, 6 ਜੁਲਾਈ (ਭੁਪਿੰਦਰ ਸਿੰਘ ਬੈਂਸ)-ਮਹਾਤਮਾ ਗਾਂਧੀ ਨਰੇਗਾ ਕਰਮਚਾਰੀ ਯੂਨੀਅਨ (ਮਗਨਰੇਗਾ) ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਕਿ ਮਹਾਤਮਾ ਗਾਂਧੀ ਨਰੇਗਾ ਕਰਮਚਾਰੀ ਯੂਨੀਅਨ ਨੂੰ ਪੰਚਾਇਤ ਵਿਭਾਗ ਵਿਚ ਰਲੇਵਾਂ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਲੰਬੇ ਸਮੇਂ ਤੋ ਕੀਤੀ ਜਾ ਰਹੀ ਹੈ, ਪਰ ਸੂਬਾ ਸਰਕਾਰ ਵਲੋਂ ਇਸ ਮੰਗ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2 ਜੁਲਾਈ ਨੂੰ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਸ, ਪਰ ਮੀਟਿੰਗ ਦੌਰਾਨ ਸਬੰਧਿਤ ਵਿਭਾਗ ਦੀ ਅਫ਼ਸਰਸ਼ਾਹੀ ਦਾ ਰਵੱਈਆ ਨਿਰਾਸ਼ਾਜਨਕ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਵਿਭਾਗ ਵਲੋਂ ਲਗਾਤਾਰ ਕਰਮਚਾਰੀਆਂ ਨੂੰ ਪੰਚਾਇਤ ਵਿਭਾਗ ਵਿਚ ਰਲੇਵਾਂ ਕਰਕੇ ਸੇਵਾਵਾਂ ਪੱਕੀਆਂ ਕਰਕੇ ਸਿਰਫ਼ ਜ਼ੁਬਾਨੀ ਭਰੋਸੇ ਦਿੱਤੇ ਜਾ ਰਹੇ ਹਨ। ਜਦਕਿ ਅਮਲੀ ਪੱਧਰ ਤੇ ਕੋਈ ਠੋਸ ਕਰਵਾਈ ਨਹੀਂ ਕੀਤੀ ਜਾ ਰਹੀ ਹੈ। ਇਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਸੰਦੀਪ ਨੇ ਕਿਹਾ ਕਿ 7 ਜੁਲਾਈ ਦਿਨ ਮੰਗਲਵਾਰ ਨੂੰ ਮੁੜ ਮੁਲਾਜ਼ਮ ਆਗੂਆਂ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਣੀ ਹੈ। ਜੇਕਰ ਇਸ ਮੀਟਿੰਗ ਵਿਚ ਵੀ ਟਾਲ ਮਟੋਲ ਦੀ ਨੀਤੀ ਅਪਣਾਈ ਗਈ ਅਤੇ ਮੰਗਾਂ ਬਾਰੇ ਕੋਈ ਸਪਸ਼ਟ ਫ਼ੈਸਲਾ ਨਾ ਲਿਆ ਗਿਆ ਤਾਂ ਮੁਲਾਜ਼ਮ ਆਗੂ ਮੀਟਿੰਗ ਦਾ ਬਾਈਕਾਟ ਕਰਨਗੇ ਅਤੇ ਆਪਣੇ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਰਮਨਦੀਪ ਸਿੰਘ, ਕੁਲਵੰਤ ਸਿੰਘ, ਅਮਨਿੰਦਰ ਸਿੰਘ, ਰਜਨੀ, ਸੋਨਮ ਸਮੇਤ ਵੱਡੀ ਗਿਣਤੀ ਵਿਚ ਯੂਨੀਅਨ ਆਗੂ ਤੇ ਕਾਰਕੁਨ ਮੌਜੂਦ ਸਨ।