ਲੁਧਿਆਣਾ, 7 ਜੁਲਾਈ (ਡਾ. ਤਰਲੋਚਨ ਸਿੰਘ)- ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸਾਲ ਭਰ ਚਲਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਵਿਚ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦਸਤਾਵੇਜ਼ੀ ਫ਼ਿਲਮ ਪ੍ਰਦਰਸ਼ਿਤ ਕਰਨ ਵਾਲੀ ਇਕ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਵਿਚ ਜਾ ਕੇ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆਵਾਂ, ਦਰਸ਼ਨ ਅਤੇ ਸਮਾਜ ਸੁਧਾਰ ਸੰਬੰਧੀ ਵਿਚਾਰਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਏਗੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਡਾ. ਨਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਇਸ ਮੌਕੇ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੁਧਿਆਣਾ ਜ਼ਿਲ੍ਹੇ ਲਈ ਦੋ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ਦਸਤਾਵੇਜ਼ੀ ਵੈਨਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰ ਵੈਨ ਹਰ ਰੋਜ਼ ਦੋ ਪਿੰਡਾਂ ਦਾ ਦੌਰਾ ਕਰੇਗੀ ਅਤੇ ਲੋਕਾਂ ਨੂੰ ਗੁਰੂ ਰਵਿਦਾਸ ਦੇ ਸਮਾਨਤਾ, ਸਮਾਜਿਕ ਨਿਆਂ, ਭਾਈਚਾਰਕ ਸਾਂਝ, ਮਨੁੱਖਤਾ, ਸ਼ਰਧਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨਾਲ ਜੋੜੇਗੀ। ਪਹਿਲੇ ਪੜਾਅ ਵਿਚ ਇਹ ਵੈਨਾਂ ਸਮਰਾਲਾ ਅਤੇ ਰਾਏਕੋਟ ਸਬ-ਡਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਵਿਚ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕਰਨਗੀਆਂ, ਜਿਸ ਤੋਂ ਬਾਅਦ ਮੁਹਿੰਮ ਨੂੰ ਜ਼ਿਲ੍ਹੇ ਦੇ ਹੋਰ ਖੇਤਰਾਂ ਤੱਕ ਵੀ ਵਿਸਥਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨਾਂ ਵਿਚ ਆਧੁਨਿਕ ਐਲ.ਈ.ਡੀ. ਸਕਰੀਨਾਂ ਅਤੇ ਆਡੀਓ-ਵਿਜ਼ੂਅਲ ਉਪਕਰਨ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਕਰੀਬ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਇਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ, ਜਿੱਥੇ ਕਿਸੇ ਨਾਲ ਜਾਤ, ਧਰਮ ਜਾਂ ਵਰਗ ਦੇ ਆਧਾਰ ‘ਤੇ ਭੇਦਭਾਵ ਨਾ ਹੋਵੇ ਅਤੇ ਹਰ ਮਨੁੱਖ ਨੂੰ ਬਰਾਬਰ ਦਾ ਸਨਮਾਨ ਮਿਲੇ। ਇਹ ਦਸਤਾਵੇਜ਼ੀ ਮੁਹਿੰਮ ਨੌਜਵਾਨਾਂ ਵਿਚ ਸਮਾਜਿਕ ਜਾਗਰੂਕਤਾ, ਸਦਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਖ਼ਾਸ ਕਰਕੇ ਨੌਜਵਾਨਾਂ, ਵਿਦਿਆਰਥੀਆਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਦਸਤਾਵੇਜ਼ੀ ਪ੍ਰਦਰਸ਼ਨਾਂ ਵਿਚ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ, ਸਚਾਈ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਮੁਹਿੰਮ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਉਚ ਆਦਰਸ਼ਾਂ ਤੋਂ ਪ੍ਰੇਰਿਤ ਕਰੇਗੀ।
ਡੀ.ਸੀ. ਹਿਮਾਂਸ਼ੂ ਜੈਨ ਨੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਦਸਤਾਵੇਜ਼ੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ
ਅਜੀਤ ਡੈਸਕ
08-07-2026