ਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬੂਟਿਆਂ ਦਾ ਕਾਰੋਬਾਰ ਕਰਵਾਉਣ ਦਾ ਝਾਂਸਾ ਦੇ ਕੇ ਇਕ ਕਾਰੋਬਾਰੀ ਨਾਲ 13 ਲੱਖ ਦੀ ਧੋਖਾਧੜੀ ਕਰਨ ਵਾਲੇ ਨਰਸਰੀ ਮਾਲਕ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਜੋਸ਼ੀ ਨਗਰ ਦੇ ਰਹਿਣ ਵਾਲੇ ਸੰਦੀਪ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਨਰਸਰੀ ਮਾਲਕ ਅਰਜੁਨ ਵਾਸੀ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਅਰਜੁਨ ਨੇ ਉਸ ਨੂੰ ਕਾਰੋਬਾਰ ਵਿਚ ਹਿੱਸੇਦਾਰੀ ਕਰਨ ਅਤੇ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਉਸ ਪਾਸੋਂ 13 ਲੱਖ ਰੁਪਏ ਹਾਸਿਲ ਕਰ ਲਏ, ਪਰ ਨਾ ਤਾਂ ਕਥਿਤ ਦੋਸ਼ੀ ਨੇ ਉਸ ਨੂੰ ਹਿੱਸੇਦਾਰ ਬਣਾਇਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਦੇ ਵਿਚ ਕੇਸ ਦਰਜ ਕਰ ਲਿਆ ਗਿਆ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।