ਲੁਧਿਆਣਾ, 8 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਜੈਨ ਮੰਦਰ ਵਿਚ ਹੋਈ ਚੋਰੀ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੰਦਿਰ ਵਿਚੋਂ ਚੋਰੀ ਕੀਤੇ ਗਏ ਚਾਂਦੀ ਦੇ ਗਹਿਣੇ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰੋਸ਼ਨ ਕੁਮਾਰ ਅਤੇ ਸੁਨੀਲ ਮੰਡਲ ਵਾਸੀ ਹੰਬੜਾਂ ਰੋਡ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਨੇ 13-14 ਜੂਨ ਦੀ ਦਰਮਿਆਨੀ ਰਾਤ ਨੂੰ ਜੈਨ ਮੰਦਰ ਨਿਊ ਸੂਰਿਆ ਵਿਹਾਰ ਵਿਚੋਂ ਚਾਂਦੀ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਪੁੱਛ ਪੜਤਾਲ ਦੌਰਾਨ ਮੁਲਜ਼ਮਾਂ ਨੇ ਕਬੂਲ ਕੀਤਾ ਕਿ ਉਨ੍ਹਾਂ ਨੇ ਜੈਨ ਮੰਦਰ ਵਿਚੋਂ ਭਗਵਾਨ ਦੀ ਚਾਂਦੀ ਦੀ ਮੂਰਤੀ ਤੇ ਹੋਰ ਸਾਮਾਨ ਚੋਰੀ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਚੋਰੀ ਕੀਤਾ ਸਾਮਾਨ ਭਗਵਾਨ ਦੀ ਚਾਂਦੀ ਦੀ ਮੂਰਤੀ, ਚਾਂਦੀ ਦਾ ਮੰਗਲ ਕਲਸ਼ (ਚੌਕੀ), ਚਾਂਦੀ ਦਾ ਸਿੱਧ ਚੱਕਰ (ਮੂਰਤੀ) ਬਰਾਮਦ ਕਰ ਲਿਆ ਹੈ। ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਰੋਸ਼ਨ ਕੁਮਾਰ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ। ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਮੰਦਰ ਵਿਚ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ, ਚੋਰੀਸ਼ੁਦਾ ਸਾਮਾਨ ਬਰਾਮਦ
ਅਜੀਤ ਡੈਸਕ
09-07-2026