ਭਾਮੀਆਂ ਕਲਾਂ, 9 ਜੁਲਾਈ (ਜਤਿੰਦਰ ਭੰਬੀ)-ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੀਰਵਾਰ ਨੂੰ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਪਿੰਡ ਸਸਰਾਲੀ ਕਲੋਨੀ ਵਿਖੇ ਜੋ ਕਰੀਬ 3300 ਫੁੱਟ ਬੰਨ੍ਹ ਰੁੜ੍ਹ ਗਿਆ ਸੀ, ਉਸ ਦੀ ਮੁੜ-ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਕੰਮ ਦੀ ਲਾਗਤ ਤਕਰੀਬਨ 1175 ਲੱਖ ਰੁਪਏ ਹੈ। ਇਸ ਵਿਚ ਕਰੀਬ 2 ਲੱਖ ਕਿਊਬਿਕ ਮੀਟਰ ਮਿੱਟੀ ਦੀ ਵਰਤੋਂ ਨਾਲ ਬੰਨ੍ਹ ਬਣਾਇਆ ਜਾ ਰਿਹਾ ਹੈ, ਜਿਸ ਵਿਚੋਂ ਲਗਭਗ 1 ਲੱਖ 50 ਹਜ਼ਾਰ ਕਿਊਬਿਕ ਮੀਟਰ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ। ਇਸ ਬੰਨ੍ਹ ਦੇ ਮੁੜ ਉਸਾਰੀ ਕਾਰਜ ਦੀ ਇਕ ਮਹੱਤਵਪੂਰਨ ਵਿਸ਼ੇਸ਼ਤਾ ਇਹ ਹੈ ਕਿ ਦਰਿਆ ਵਾਲੇ ਪਾਸੇ ਬੰਨ੍ਹ ਦੇ ਬੇਸ ਉਤੇ ਪੀ.ਪੀ.ਐਮ.ਐਫ ਜੀਓਟਿਊਬ (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬਾਂ ਲਗਾਈਆਂ ਜਾ ਰਹੀਆਂ ਹਨ। ਇਸ ਕੰਮ ਵਿਚ ਤਕਰੀਬਨ 450 ਜਿਓਟਿਊਬਾਂ ਦੀ ਵਰਤੋਂ ਕੀਤੀ ਜਾਣੀ ਹੈ, ਜਿਸ ਵਿਚੋਂ ਕਰੀਬ 325 ਜਿਓਟਿਊਬਾਂ ਲਗਾਈਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ। ਇਹ ਪੀ.ਪੀ.ਐਮ.ਐਫ ਜੀਓਟਿਊਬ ਦਾ ਕੰਮ ਪੰਜਾਬ ਵਿਚ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੈ, ਜੋ ਦਰਿਆ ਕੰਢੇ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਲਈ ਆਧੁਨਿਕ ਜਿਓਸਿੰਥੈਟਿਕ ਇੰਜੀਨੀਅਰਿੰਗ ਤਕਨੀਕਾਂ ਦੇ ਪ੍ਰਯੋਗ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਦਰਿਆਈ ਬੰਨ੍ਹਾਂ ਨੂੰ ਮਜਬੂਤ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨੂੰ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਦੀ ਮਜਬੂਤੀ ਨਾਲ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਅਤੇ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਰਸਾਤ ਦੌਰਾਨ ਪਾਣੀ ਦੇ ਦਬਾਅ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿਚ ਮਦਦ ਮਿਲੇਗੀ। ਕੈਬਨਿਟ ਮੰਤਰੀ ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਵਿਚ ਨਿਰਮਾਣ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉੱਥੇ ਵਾਧੂ ਮਸ਼ੀਨਰੀ ਅਤੇ ਮਨੁੱਖੀ ਬਲ ਤਾਇਨਾਤ ਕਰਕੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਰਹੇ ਹਨ। ਉਪ ਮੰਡਲ ਮਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲ ਸਰੋਤ ਵਿਭਾਗ ਨਾਲ ਪੂਰਾ ਤਾਲਮੇਲ ਬਣਾਕੇ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਸਰੋਤ ਉਪਲਬਧ ਹਨ। ਇਸ ਮੌਕੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸਾਸਨ ਦੇ ਅਧਿਕਾਰੀ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਹਾਜ਼ਰ ਸਨ।
ਕੈਬਨਿਟ ਮੰਤਰੀ ਗੋਇਲ ਨੇ ਪਿੰਡ ਸਸਰਾਲੀ ਕਾਲੋਨੀ ਵਿਖੇ ਸਤਲੁਜ ਬੰਨ੍ਹ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
ਅਜੀਤ ਡੈਸਕ
10-07-2026