ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਤਹਿਤ ਸਨਿਚਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਸਫਲਤਾਪੂਰਵਕ ਆਯੋਜਿਤ ਕੀਤੇ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ. ਐਲ. ਓਜ਼) ਵਲੋਂ ਵੋਟਰ ਗਣਨਾ ਫਾਰਮ ਪ੍ਰਾਪਤ ਕਰਨ, ਉਨ੍ਹਾਂ ਦੀ ਜਾਂਚ ਕਰਨ ਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ, ਜਿਸ ਨਾਲ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਤੇ ਅੱਪਡੇਟ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ੀ ਮਿਲੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਹਰ ਯੋਗ ਵੋਟਰ ਦਾ ਗਣਨਾ ਫਾਰਮ ਸਮੇਂ ਸਿਰ ਪ੍ਰਾਪਤ ਕਰਕੇ ਵੋਟਰ ਸੂਚੀ ਨੂੰ ਸਹੀ ਤੇ ਤਰੁੱਟੀ-ਰਹਿਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੋਲਿੰਗ ਬੂਥਾਂ ‘ਤੇ ਗਣਨਾ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਪੂਰੀ ਹੋ ਚੁੱਕੀ ਹੈ, ਉਥੇ ਰਿਕਾਰਡ ਵਿਚ ਮੌਜੂਦ ਤਰੁੱਟੀਆਂ ਨੂੰ ਦੂਰ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜਦਕਿ ਹੋਰ ਬੂਥਾਂ ‘ਤੇ ਫਾਰਮਾਂ ਦੀ ਪ੍ਰਾਪਤੀ ਅਤੇ ਡਿਜ਼ੀਟਾਈਜ਼ੇਸ਼ਨ ਦੀ ਪ੍ਰਕਿਰਿਆ ਇਕੋ ਸਮੇਂ ਜਾਰੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੇ ਸਫਲ ਸੰਚਾਲਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸਾਰੀ ਪ੍ਰਕਿਰਿਆ ਨਿਰਧਾਰਿਤ ਸਮੇਂ ਅੰਦਰ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਉਦੇਸ਼ ਹਰ ਯੋਗ ਨਾਗਰਿਕ ਦਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਕਿਸੇ ਵੀ ਯੋਗ ਵੋਟਰ ਨੂੰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿਣ ਦੇਣਾ ਹੈ। ਸ੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਜਮਾਂ ਨਹੀਂ ਕਰਵਾਇਆ, ਉਹ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿਚ ਪਹੁੰਚ ਕੇ ਆਪਣਾ ਫਾਰਮ ਜ਼ਰੂਰ ਜਮਾਂ ਕਰਵਾਉਣ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜਿਕ ਸੰਸਥਾਵਾਂ, ਪੰਚਾਇਤੀ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ, ਤਾਂ ਜੋ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਨੂੰ ਸਫਲ ਬਣਾਇਆ ਜਾ ਸਕੇ।