ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਲਲਤੋਂ ਨੇੜੇ ਤਿੰਨ ਸਾਲ ਪਹਿਲਾਂ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਨੂੰ ਲੈ ਕੇ ਨਿਹੰਗ ਸਿੰਘਾਂ ਵਲੋਂ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ‘ਤੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ ਪੂਰੇ ਸ਼ਹਿਰ ਦੀ ਆਵਾਜਾਈ ਅੱਠ ਘੰਟੇ ਤੱਕ ਪ੍ਰਭਾਵਿਤ ਰਹੀ। ਜਾਣਕਾਰੀ ਅਨੁਸਾਰ ਇਹ ਨਿਹੰਗ ਸਿੰਘ ਅੱਜ ਸਵੇਰੇ ਮਿੰਨੀ ਸਕੱਤਰੇਤ ਦੇ ਬਾਹਰ ਇਕੱਠੇ ਹੋਏ ਅਤੇ ਉਥੇ ਇਹਨਾਂ ਨੇ ਸੜਕ ‘ਤੇ ਧਰਨਾ ਦੇ ਦਿੱਤਾ। ਧਰਨੇ ਕਾਰਨ ਆਵਾਜਾਈ ਠੱਪ ਹੋ ਕੇ ਰਹਿ ਗਈ। ਨਿਹੰਗ ਸਿੰਘਾਂ ਦਾ ਕਹਿਣਾ ਸੀ ਕਿ ਤਿੰਨ ਸਾਲ ਪਹਿਲਾਂ ਪਿੰਡ ਜੋਧਾ ਨੇੜੇ ਦੇ ਰਹਿਣ ਵਾਲੇ ਨੌਜਵਾਨ ਫ਼ਤਿਹ ਵੀਰ ਦੀ ਲਾਸ਼ ਪੁਲਿਸ ਵਲੋਂ ਬਰਾਮਦ ਕੀਤੀ ਗਈ ਸੀ। ਪਹਿਲਾਂ ਪੁਲਿਸ ਵਲੋਂ ਇਸ ਮਾਮਲੇ ਵਿਚ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਬਾਅਦ ਵਿਚ ਪੁਲਿਸ ਉਚ ਅਧਿਕਾਰੀਆਂ ਵਲੋਂ ਇਸ ਲਈ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿਚ ਇਸ ਨੂੰ ਕੁਦਰਤੀ ਮੌਤ ਦੱਸ ਕੇ ਮਾਮਲਾ ਰੱਦ ਕਰ ਦਿੱਤਾ ਗਿਆ ਸੀ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਪੂਰੀ ਤਰ੍ਹਾਂ ਨਾਲ ਜਾਂਚ ਨਹੀਂ ਕੀਤੀ ਗਈ ਅਤੇ ਜਿਨ੍ਹਾਂ ਵਿਅਕਤੀਆਂ ‘ਤੇ ਉਨ੍ਹਾਂ ਨੂੰ ਸ਼ੱਕ ਸੀ। ਉਨ੍ਹਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਸੂਚਨਾ ਮਿਲਦਿਆਂ ਉਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਹੁਣ ਉਹ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਜਾਣਗੇ। ਪ੍ਰਦਰਸ਼ਨ ਕਾਰਨ ਅੱਜ ਪੂਰੇ ਸ਼ਹਿਰ ਦੀ ਆਵਾਜਾਈ ਠੱਪ ਹੋ ਕੇ ਰਹਿ ਗਈ। ਮਿੰਨੀ ਸਕੱਤਰੇਤ ਸਥਿਤ ਦਫ਼ਤਰਾਂ ਦਾ ਕੰਮਕਾਜ ਵੀ ਪੂਰੀ ਤਰ੍ਹਾਂ ਨਾਲ ਅੱਜ ਠੱਪ ਹੋ ਗਿਆ ਕਿਉਂਕਿ ਪ੍ਰਦਰਸ਼ਨਕਾਰੀਆਂ ਵਲੋਂ ਕਿਸੇ ਨੂੰ ਮਿੰਨੀ ਸਕੱਤਰੇਤ ਵੀ ਜਾਣ ਨਹੀਂ ਦਿੱਤਾ ਜਾ ਰਿਹਾ ਸੀ। ਪੁਲਿਸ ਵਲੋਂ ਭਾਰਤ ਨਗਰ ਚੌਕ ਅਤੇ ਦੂਜੇ ਪਾਸੇ ਭਾਈ ਵਾਲਾ ਚੌਕ ਤੋਂ ਹੀ ਆਵਾਜਾਈ ਦੇ ਰੂਟ ਬਦਲ ਦਿੱਤੇ ਗਏ ਸਨ। ਪੰਜ ਵਜੇ ਦੇ ਕਰੀਬ ਇਹਨਾਂ ਪ੍ਰਦਰਸ਼ਨਕਾਰੀਆਂ ਵਲੋਂ ਇਹ ਧਰਨਾ ਚੁਕ ਦਿੱਤਾ ਗਿਆ।
ਤਿੰਨ ਸਾਲ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਕਾਰਵਾਈ ਦੀ ਮੰਗ ਨੂੰ ਲੈ ਕੇ ਨਿਹੰਗ ਸਿੰਘਾਂ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ
ਅਜੀਤ ਡੈਸਕ
14-07-2026