ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਮਾਮਲੇ ਵਿਚ ਤਿੰਨ ਸ਼ਿਵ ਸੈਨਾ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਭਵਨਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਸਿਧਵਾਂ ਕਲਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਵਲੋਂ ਰਜੀਵ ਟੰਡਨ, ਭਾਨੂ ਪ੍ਰਤਾਪ ਅਤੇ ਪਵਨ ਮਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਅਤੇ ਸਿੱਖ ਜਥੇਬੰਦੀਆਂ ਵਲੋਂ ਲਾਡੂਵਾਲ ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਕ ਨੌਜਵਾਨ ਵਲੋਂ ਬੀਤੇ ਦਿਨ ਸੋਸ਼ਲ ਮੀਡੀਆ ‘ਤੇ ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਉਕਤ ਕਥਿਤ ਦੋਸ਼ੀਆਂ ਨੇ ਆਪਣੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਅੱਪਲੋਡ ਕੀਤੀ ਗਈ, ਜਿਸ ਵਿਚ ਸਿੱਖਾਂ ਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਨਾਲ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਤੇ ਇਹ ਸਾਰਾ ਮਾਮਲਾ ਉਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਧਾਰਮਿਕ ਭਾਵਨਾਵਾਂ ਭੜਕਾਉਣ ਮਾਮਲੇ ਵਿਚ ਤਿੰਨ ਸ਼ਿਵ ਸੈਨਾ ਆਗੂਆਂ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
14-07-2026