ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਨਾਨਕ ਨਗਰ ਵਿਚ ਨਵ ਵਿਆਹੁਤਾ ਨੌਜਵਾਨ ਵਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਲੜਕੇ ਦੇ ਪਿਤਾ ਰਾਜਾ ਰਾਮ ਦੀ ਸ਼ਿਕਾਇਤ ‘ਤੇ ਮ੍ਰਿਤਕ ਦੀ ਪਤਨੀ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਵਿਚ ਕਰਨਦੀਪ ਦੀ ਪਤਨੀ ਸਵਾਤੀ, ਸਹੁਰਾ ਰਾਮਪਾਲ ਅਤੇ ਸਹੁਰੇ ਪਰਿਵਾਰ ਦੇ ਮੈਂਬਰਾਂ ਦੀਪਕ, ਵਰਿੰਦਰ, ਮ੍ਰਿਤਕ ਦੇ ਸਾਂਢੂ ਖ਼ਿਲਾਫ਼ ਕੇਸ ਦਰਜ ਕੀਤਾ ਹੈ।। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਸ਼ਾਦੀ ਵੀ ਫਰਵਰੀ 2026 ਨੂੰ ਸਵਾਤੀ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਸਵਾਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਕਰਨਦੀਪ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ‘ਤੇ ਬੀਤੇ ਦਿਨ ਕਰਨ ਨੇ ਗਿੱਲ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮਾਂ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।