ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਦਿਨੇਸ਼ ਰਾਏ ( 54 ਸਾਲ) ਵਾਸੀ ਸੀਤਾਮੜੀ ਬਿਹਾਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਸਰਗਰਮ ਸੀ ਅਤੇ ਬਿਹਾਰ ਤੋਂ ਗਾਂਜਾ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਪਲਾਈ ਕਰਦਾ ਸੀ। ਬੀਤੀ ਰਾਤ ਪੁਲਿਸ ਨੇ ਉਸ ਨੂੰ ਰੇਲਵੇ ਸਟੇਸ਼ਨ ’ਤੋਂ ਹੀ ਕਾਬੂ ਕੀਤਾ। ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।