09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਿਸ਼ਨ ਕਲੀਨ ਪੰਜਾਬ ਵਿਧਾਇਕਾ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਹਲਕਾ ਦੱਖਣੀ ਦੇ ਇਲਾਕਿਆਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 17-07-2026
ਢੰਡਾਰੀ ਕਲਾਂ/ਲੁਧਿਆਣਾ, 16 ਜੁਲਾਈ (ਜਸਵੀਰ ਸਿੰਘ ਬੰਗਾ)-‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਗੇ ਵਧਦਿਆਂ ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਵਲੋਂ ਹਲਕਾ ਦੱਖਣੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਸ਼ੇਰਪੁਰ ਪਿੰਡ, ਢੰਡਾਰੀ, ਮੈਟਰੋ ਰੋਡ, ਢੰਡਾਰੀ ਬੀ.ਐਸ.ਯੂ.ਪੀ. ਫਲੈਟਾਂ ਅਤੇ 100-ਫੁੱਟ ਰੋਡ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਅਤੇ ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕਾ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਮੁਲਾਜ਼ਮਾਂ ਨੂੰ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਸਬੰਧਿਤ ਅਧਿਕਾਰੀਆਂ ਨੂੰ ਖ਼ਾਸ ਤੌਰ ’ਤੇ ਨੀਵੇਂ ਇਲਾਕਿਆਂ ਵਿਚ ਸੀਵਰੇਜ ਲਾਈਨਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਇਸ ਦੇ ਨਾਲ ਹੀ ਸੜਕਾਂ ਦੇ ਨਾਲ ਬਣੀਆਂ ਰੋਡ ਜਾਲੀਆਂ ਦੀ ਨਿਯਮਤ ਸਫ਼ਾਈ ਅਤੇ ਪਾਰਕਾਂ/ਗ੍ਰੀਨ ਬੈਲਟਾਂ ਨੂੰ ਵਿਕਸਤ ਕਰਨ ਲਈ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪਾਰਕਾਂ/ਗ੍ਰੀਨ ਬੈਲਟਾਂ ਦੇ ਮੁੜ-ਵਿਕਾਸ ਲਈ ਉਦਯੋਗਪਤੀਆਂ ਦਾ ਸਹਿਯੋਗ ਲੈਣ। ਵਿਧਾਇਕਾ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੂਰੇ ਸ਼ਹਿਰ ਵਿਚ ਸਫ਼ਾਈ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਖੁੱਲ੍ਹੇ ਵਿਚ ਕੂੜਾ ਨਾ ਸੁੱਟ ਕੇ ਸ਼ਹਿਰ ਨੂੰ ਸਾਫ਼ ਰੱਖਣ ਵਿਚ ਨਗਰ ਨਿਗਮ ਪ੍ਰਸ਼ਾਸਨ ਦਾ ਸਾਥ ਦੇਣ। ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਮੁੱਖ ਸੀਵਰੇਜ ਲਾਈਨਾਂ ਵਿਚੋਂ ਗਾਰ ਕੱਢਣ ਲਈ ਵੱਡੇ ਪੱਧਰ ’ਤੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਅੰਦਰੂਨੀ ਇਲਾਕਿਆਂ ਦੀ ਵੀ ਨਿਯਮਤ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਬੈਂਕ ਦੇ ਮਾਹਿਰਾਂ ਨੇ ਸਤਹੀ ਜਲ ਸਪਲਾਈ ਯੋਜਨਾ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਬੈਂਸ ਦੀ ਗਰਜ
Ad Position 24