ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਮਾਲਪੁਰ ਥਾਣੇ ਦੀ ਮੁੰਡੀਆਂ ਕਲਾਂ ਚੌਂਕੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਮੁੰਡੀਆਂ ਖ਼ੁਰਦ ਵਿਚ ਇਕ 19 ਸਾਲਾ ਲੜਕੀ ਨੇ ਆਪਣੇ ਕਮਰੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਮੁੰਡੀਆਂ ਕਲਾਂ ਚੌਂਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮੁੰਡੀਆਂ ਕਲਾਂ ਚੌਂਕੀ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਸੋਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਮੁੰਡੀਆਂ ਖ਼ੁਰਦ, ਲੁਧਿਆਣਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਧੀ ਹੈ। ਅਧਿਕਾਰੀ ਨੇ ਅੱਗੇ ਕਿਹਾ ਕਿ ਮ੍ਰਿਤਕ ਲੜਕੀ ਦੇ ਪਿਤਾ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਧੀ (ਬੀ.ਬੀ.ਏ.) ਦੀ ਡਿਗਰੀ ਕਰ ਰਹੀ ਸੀ। ਉਹ ਪਿਛਲੇ ਚਾਰ-ਪੰਜ ਦਿਨਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ। ਸਿਵਲ ਹਸਪਤਾਲ ਵਿਚ ਪੋਸਟਮਾਰਟਮ ਤੋਂ ਬਾਅਦ ਪੁਲਿਸ ਨੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਣਗੇ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।