ਲੁਧਿਆਣਾ, 20 ਜੁਲਾਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਸੋਮਵਾਰ ਨੂੰ ਜ਼ੋਨ ਡੀ ਦਫ਼ਤਰ ਵਿਚ ਪ੍ਰਾਪਰਟੀ ਟੈਕਸ ਅਤੇ ਪਾਣੀ ਸੀਵਰੇਜ ਵਰਤੋ ਟੈਕਸ ਦੀ ਬਕਾਇਆ ਵਸੂਲੀ ਸਬੰਧੀ ਸਮੀਖਿਆ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਵਸੂਲੀ ਵਿਚ ਹੋਰ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਕਾਇਆ ਰਕਮ ਦੀ ਵਸੂਲੀ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ ਅਤੇ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਡਿਫਾਲਟਰਾਂ ਦੀ ਪਛਾਣ ਕਰਨ ਲਈ ਕਿਹਾ, ਜਿਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਪ੍ਰਾਪਰਟੀ ਟੈਕਸ ਅਦਾ ਨਹੀਂ ਕੀਤਾ ਜਾਂ ਗ਼ਲਤ ਸ਼੍ਰੇਣੀ ਵਿਚ ਪ੍ਰਾਪਰਟੀ ਦਰਜ ਕਰਵਾ ਕੇ ਘੱਟ ਟੈਕਸ ਭਰਿਆ ਹੈ। ਉਨ੍ਹਾਂ ਅਜਿਹੇ ਮਾਮਲਿਆਂ ਵਿਚ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਅਲੰਕਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਕਰਦਾਤਾਵਾਂ ਨੂੰ ਐਸ.ਐਮ.ਐਸ. ਰਾਹੀਂ ਸੂਚਨਾ ਭੇਜੀ ਜਾਵੇ, ਤਾਂ ਜੋ ਉਹ ਸਮੇਂ ਸਿਰ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਹਰ ਵਿੱਤੀ ਸਾਲ ਦੌਰਾਨ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਅਦਾ ਕਰਨ ਵਾਲੇ ਕਰਦਾਤਾਵਾਂ ਨੂੰ 10 ਫ਼ੀਸਦੀ ਛੋਟ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਮੇਂ ਸਿਰ ਟੈਕਸ ਅਦਾ ਕਰਕੇ ਇਸ ਛੋਟ ਦਾ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਬਕਾਇਆ ਵਸੂਲੀ ਦੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਨਿਰਧਾਰਿਤ ਟੀਚੇ ਸਮੇਂ ਸਿਰ ਪੂਰੇ ਕਰਨ ਲਈ ਕਿਹਾ ਗਿਆ। ਮੀਟਿੰਗ ਵਿਚ ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਜੁਆਇੰਟ ਕਮਿਸ਼ਨਰ ਤਪਨ ਭਨੋਟ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਗੁਰਪਾਲ ਸਿੰਘ, ਜਸਦੇਵ ਸਿੰਘ ਸੇਖੋਂ ਅਤੇ ਹੋਰ ਅਧਿਕਾਰੀ ਮੌਜੂਦ ਸਨ।