ਲੁਧਿਆਣਾ, 20 ਜੁਲਾਈ (ਭੁਪਿੰਦਰ ਸਿੰਘ ਬੈਂਸ)-ਮਿਸ਼ਨ ਕਲੀਨ ਪੰਜਾਬ ਤਹਿਤ ਲਗਾਤਾਰ ਦੂਜੇ ਦਿਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸੋਮਵਾਰ ਨੂੰ ਹੈਬੋਵਾਲ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਆ ਲਿਆ। ਇਸ ਦੌਰਾਨ ਉਨ੍ਹਾਂ ਨੇ ਸਫ਼ਾਈ ਸੇਵਕਾਂ ਦੀ ਹਾਜ਼ਰੀ ਵੀ ਚੈੱਕ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਫ਼ਾਈ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੇ ਨਿਰਦੇਸ਼ ਦਿੱਤੇ। ਨਿਰੀਖਣ ਦੌਰਾਨ ਮੇਅਰ ਨੇ ਇਲਾਕੇ ਦੀ ਸਫ਼ਾਈ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਵਾਤਾਵਰਨ ਸੰਭਾਲ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕੁੱਝ ਬੂਟੇ ਵੀ ਲਗਾਏ। ਇਸ ਮੌਕੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਕੌਂਸਲਰ ਗੋਲੂ ਬਾਜਵਾ, ਸਿਹਤ ਅਧਿਕਾਰੀ ਵਿਪਲ ਮਲਹੋਤਰਾ ਆਦਿ ਵੀ ਮੌਜੂਦ ਸਨ। ਇਸ ਮੌਕੇ ਮੇਅਰ ਨੇ ਲੋਕਾਂ ਨੂੰ ਖੁੱਲ੍ਹੇ ਵਿਚ ਕੂੜਾ ਨਾ ਸੁੱਟਣ ਦੀ ਅਪੀਲ ਕਰਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਜਲਦੀ ਹੀ ਅਜਿਹੇ ਲੋਕਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ। ਮੇਅਰ ਨੇ ਕਿਹਾ ਕਿ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪਸ਼ਟ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਫ਼ਾਈ ਦੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਜ਼ਮੀਨੀ ਪੱਧਰ ’ਤੇ ਕੋਈ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਿਗਮ ਵਲੋਂ ਸ਼ੁਰੂ ਕੀਤੀ ਗਈ ਮਾਨਸੂਨ ਹੈਲਪ ਲਾਈਨ 90867-91867 ਦੀ ਵਰਤੋ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਖੁੱਲ੍ਹੇ ਵਿਚ ਪਏ ਕੂੜੇ ਜਾਂ ਹੋਰ ਸਫ਼ਾਈ ਸਬੰਧੀ ਸਮੱਸਿਆਵਾਂ ਦੀ ਤੁਰੰਤ ਸ਼ਿਕਾਇਤ ਦਰਜ ਕਰਵਾਈ ਜਾ ਸਕੇ।