ਲੁਧਿਆਣਾ, 20 ਜੁਲਾਈ (ਜਤਿੰਦਰ ਭੰਬੀ)-ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੂੰ ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਅਤੇ ਚੇਅਰਮੈਨ, ਸਨ ਫਾਊਂਡੇਸ਼ਨ ਦੀ ਹਾਜ਼ਰੀ ਵਿਚ ਲੁਧਿਆਣਾ ਦੇ ਉਦਯੋਗਾਂ ਵਿਚ ਹੁਨਰਮੰਦ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਕੀਤੇ ਗਏ ਵਿਸ਼ੇਸ਼ ਯੋਗਦਾਨ ਦੇ ਸਨਮਾਨ ਵਜੋਂ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿਚ ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸ਼੍ਰੀ ਜਯੰਤ ਚੌਧਰੀ, ਕੇਂਦਰੀ ਰਾਜ ਮੰਤਰੀ (ਸੁਤੰਤਰ ਪ੍ਰਭਾਰ), ਹੁਨਰ ਵਿਕਾਸ ਅਤੇ ਉਦਯਮਤਾ ਮੰਤਰਾਲਾ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਹ ਸਮਾਗਮ ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਨ੍ਹਾਂ ਨੇ ਉਦਯੋਗ-ਆਧਾਰਿਤ ਹੁਨਰ ਵਿਕਾਸ ਰਾਹੀਂ ਨੌਜਵਾਨਾਂ ਲਈ ਟਿਕਾਊ ਰੋਜ਼ਗਾਰ ਦੇ ਮੌਕੇ ਸਿਰਜਣ ਪ੍ਰਤੀ ਸਨ ਫਾਊਂਡੇਸ਼ਨ ਦੀ ਵਚਨਬੱਧਤਾ ਨੂੰ ਦੁਹਰਾਇਆ। ਸਮਾਰੋਹ ਦੌਰਾਨ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਪਾਹੂਵਿੰਡ, ਫ਼ਰੀਦਕੋਟ ਅਤੇ ਹੁਸ਼ਿਆਰਪੁਰ ਸਥਿਤ ਸਨ ਫਾਊਂਡੇਸ਼ਨ ਦੇ ਵਿਸ਼ਵ-ਪੱਧਰੀ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ ਦੇ ਸਫਲ ਸਿੱਖਿਆਰਥੀਆਂ ਨੂੰ ਕੋਰਸ ਸਫਲਤਾਪੂਰਵਕ ਪੂਰਾ ਕਰਨ ‘ਤੇ ਕਨਵੋਕੇਸ਼ਨ ਸਰਟੀਫਿਕੇਟ ਪ੍ਰਦਾਨ ਕੀਤੇ ਗਏ।