ਲੁਧਿਆਣਾ, 23 ਜੁਲਾਈ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵਲੋਂ ਐਂਟੀ ਲਾਰਵਾ ਵਿੰਗ ਦੇ ਸਹਿਯੋਗ ਨਾਲ ਮੁਹੱਲਾ ਨਾਨਕ ਨਗਰ ਵਿਖੇ ਡੇਂਗੂ ਰੋਕਥਾਮ ਸਬੰਧੀ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਡੇਂਗੂ ਪ੍ਰਤੀ ਸੁਚੇਤ ਕਰਨਾ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਜਨ-ਭਾਗੀਦਾਰੀ ਨੂੰ ਹੋਰ ਮਜ਼ਬੂਤ ਬਣਾਉਣਾ ਸੀ। ਮੁਹਿੰਮ ਦੌਰਾਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਨਿਵਾਸੀਆਂ ਨਾਲ ਰੂਬਰੂ ਗੱਲਬਾਤ ਕੀਤੀ ਅਤੇ ਡੇਂਗੂ ਦੇ ਫੈਲਣ ਦੇ ਕਾਰਨਾਂ, ਇਸ ਦੇ ਮੁੱਖ ਲੱਛਣਾਂ, ਬਚਾਅ ਦੇ ਪ੍ਰਭਾਵਸ਼ਾਲੀ ਤਰੀਕਿਆਂ ਅਤੇ ਸਮੇਂ ਸਿਰ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਲੋਕਾਂ ਨੂੰ ਦੱਸਿਆ ਗਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਕੂਲਰਾਂ, ਗਮਲਿਆਂ, ਟੁੱਟੇ ਭਾਂਡਿਆਂ, ਪੁਰਾਣੇ ਟਾਇਰਾਂ, ਫ਼ਰਿਜ ਦੀਆਂ ਟਰੇਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਨਿਯਮਤ ਸਫ਼ਾਈ ਕਰਕੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਬੁਖ਼ਾਰ ਜਾਂ ਡੇਂਗੂ ਦੇ ਲੱਛਣ ਮਹਿਸੂਸ ਹੋਣ ‘ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਅਤੇ ਖੁਦ ਦਵਾਈ ਲੈਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਗਈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਰਾਜਿੰਦਰ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਦੀ ਜਾਗਰੂਕਤਾ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਉਦੋਂ ਹੀ ਸਾਰਥਕ ਹੋ ਸਕਦੀਆਂ ਹਨ, ਜਦੋਂ ਹਰ ਨਾਗਰਿਕ ਆਪਣੇ ਘਰ ਅਤੇ ਆਲੇ-ਦੁਆਲੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਜ਼ਿੰਮੇਵਾਰੀ ਨਾਲ ਕੰਮ ਕਰੇ। ਹਫ਼ਤੇ ਵਿਚ ਇੱਕ ਦਿਨ ‘ਡਰਾਈ ਡੇ’ ਮਨਾਉਂਦੇ ਹੋਏ ਪਾਣੀ ਵਾਲੇ ਸਾਰੇ ਭਾਂਡਿਆਂ ਨੂੰ ਖ਼ਾਲੀ ਅਤੇ ਸਾਫ਼ ਕਰਨਾ ਡੇਂਗੂ ਦੀ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਮੁਹਿੰਮ ਦੌਰਾਨ ਲੋਕਾਂ ਵਿਚ ਡੇਂਗੂ ਸਬੰਧੀ ਆਈ.ਈ.ਸੀ. ਸਮਗਰੀ ਵੀ ਵੰਡੀ ਗਈ, ਜਿਸ ਰਾਹੀਂ ਡੇਂਗੂ ਤੋਂ ਬਚਾਅ ਦੇ ਸੁਨੇਹੇ ਘਰ-ਘਰ ਤੱਕ ਪਹੁੰਚਾਏ ਗਏ। ਲੋਕਾਂ ਨੇ ਸਿਹਤ ਵਿਭਾਗ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਡੇਂਗੂ ਰੋਕਥਾਮ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਐਮ.ਪੀ.ਐਚ.ਡਬਲਯੂ. ਵੀ ਹਾਜ਼ਰ ਸਨ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਬਣਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਸਿਹਤ ਵਿਭਾਗ ਨੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਹਫ਼ਤੇ ਵਿਚ ਇੱਕ ਵਾਰ ‘ਡਰਾਈ ਡੇ’ ਜ਼ਰੂਰ ਮਨਾਉਣ ਅਤੇ ਕਿਸੇ ਵੀ ਵਿਅਕਤੀ ਨੂੰ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਨ-ਸਹਿਯੋਗ ਨਾਲ ਹੀ ਡੇਂਗੂ ‘ਤੇ ਪ੍ਰਭਾਵਸ਼ਾਲੀ ਕਾਬੂ ਪਾਇਆ ਜਾ ਸਕਦਾ ਹੈ।