ਲੁਧਿਆਣਾ, 24 ਜੁਲਾਈ (ਜਤਿੰਦਰ ਭੰਬੀ)-ਕਾਕਰੋਚ ਜਨਤਾ ਪਾਰਟੀ ਵਲੋਂ ਹਰੇਕ ਜ਼ਿਲ੍ਹੇ ਵਿਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਦੇ ਦਿੱਤੇ ਗਏ ਸੱਦੇ ਨੂੰ ਦੇਖਦੇ ਹੋਏ ਸਨਅਤੀ ਸ਼ਹਿਰ ਲੁਧਿਆਣਾ ਦੇ ਜਗਰਾਉਂ ਪੁਲ ’ਤੇ ਸਥਿਤ ਸ਼ਹੀਦ ਸਮਾਰਕ ’ਤੇ ਵਿਦਿਆਰਥੀਆਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਪ੍ਰੋਫੈਸਰ ਜਗਮੋਹਨ ਸਿੰਘ ਨੇ ਸੰਬੋਧਨ ਕਰਦਿਆਂ ਦਿੱਲੀ ’ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਉਪਰ ਕੀਤੇ ਤਸ਼ੱਦਦ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਉਪਰ ਕੀਤੇ ਗਏ ਲਾਠੀਚਾਰਜ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ, ਕਿਉਂਕਿ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਅਧਿਕਾਰੀਆਂ ਨੇ ਬੁਰੀ ਤਰ੍ਹਾਂ ਕੁੱਟ ਮਾਰ ਕੇ ਘੜੀਸਣ ਵਾਲੀ ਕਾਰਵਾਈ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਰਤ ਲੋਕਤੰਤਰ ਦੇਸ਼ ਹੈ ਅਤੇ ਇੱਥੇ ਹਰ ਕਿਸੇ ਨੂੰ ਆਪਣੀਆਂ ਹੱਕੀ ਮੰਗਾਂ ਮੰਗਣ ਦਾ ਪੂਰਨ ਅਧਿਕਾਰ ਹੈ, ਪਰ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ’ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ’ਤੇ ਕੀਤੇ ਗਏ ਦਰਜ ਪਰਚਿਆਂ ਨੂੰ ਤੁਰੰਤ ਖ਼ਾਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਚੰਗੇ ਭਵਿੱਖ ਲਈ ਦਿਨ ਰਾਤ ਮਿਹਨਤ ਕਰਦੇ ਹਨ, ਪਰ ਅਜਿਹੀਆਂ ਪੇਪਰ ਲੀਕ ਵਰਗੀਆਂ ਘਟਨਾਵਾਂ ਜਿੱਥੇ ਵਿਦਿਆਰਥੀਆਂ ਦਾ ਮਨੋਬਲ ਤੋੜਦੀਆਂ ਹਨ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਧੁੰਦਲਾ ਕਰਦੀਆਂ ਹਨ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਜਦ ਪੇਪਰ ਲੀਕ ਹੋਣ ਦੀ ਘਟਨਾ ਸਾਹਮਣੇ ਆਈ ਹੋਵੇ, ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਏ ਹਨ, ਪਰ ਕੇਂਦਰ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।