ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਓਮੈਕਸ ਵਿਚ ਰਹਿਣ ਵਾਲੀ ਔਰਤ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਿਮਰਨਦੀਪ ਕੌਰ ਪੁੱਤਰੀ ਦਿਲਜੀਤ ਸਿੰਘ ਵਾਸੀ ਓਮੈਕਸ ਫਲੈਟ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਸਮਰ ਗੁਲਾਟੀ, ਪ੍ਰੀਤ ਗੁਲਾਟੀ ਅਤੇ ਸੁਮਿਤ ਗੁਲਾਟੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਨਾਲ ਉਸਦੀ ਦੂਸਰੀ ਸ਼ਾਦੀ ਸੀ ਅਤੇ ਉਸ ਦੇ ਵਿਆਹ ਤੋਂ ਬਾਅਦ ਸਮਰ ਗੁਲਾਟੀ ਦੀ ਪਹਿਲੀ ਪਤਨੀ ਨੇ ਉਨ੍ਹਾਂ ਦੇ ਘਰ ਵਿਚ ਦਖ਼ਲ ਅੰਦਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਨ੍ਹਾਂ ਦੇ ਘਰ ਵਿਚ ਕਲੇਸ਼ ਰਹਿੰਦਾ ਸੀ। ਉਸ ਦੱਸਿਆ ਕਿ ਇਸ ਕਲੇਸ਼ ਦੇ ਚੱਲਦੇ ਉਕਤ ਕਥਿਤ ਦੋਸ਼ੀਆਂ ਵਲੋਂ ਬੀਤੇ ਦਿਨ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਹੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।