ਲੁਧਿਆਣਾ, 25 ਜੁਲਾਈ (ਭੰਬੀ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਿਹਾ ਕਿ ਇਕੱਲੇ ਡੀ.ਐਸ.ਪੀ. ਹੀ ਨਹੀਂ ਬਲਕਿ ਲਾਠੀਚਾਰਜ ਵਿਚ ਸ਼ਾਮਿਲ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਹਰ ਇਕ ਨੂੰ ਆਪਣੀਆਂ ਹੱਕੀ ਮੰਗਾਂ ਮੰਗਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਜੋ ਲੋਕਤੰਤਰ ਨੂੰ ਰਾਜ ਤੰਤਰ ਬਣਾਉਂਦੇ ਹੋਏ ਸਫ਼ਾਈ ਕਰਮਚਾਰੀਆਂ ’ਤੇ ਅਣਮਨੁੱਖੀ ਤਸ਼ੱਦਦ ਢਾਹਿਆ ਹੈ, ਉਸ ਨੂੰ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਸਰਕਾਰ ਨੂੰ ਆਪਣੇ ਕੀਤੇ ਦਾ ਭੁਗਤਾਨ ਕਰਨਾ ਹੀ ਪੈਣਾ ਹੈ, ਕਿਉਂਕਿ ਇਸ ਸਮੇਂ ਸੂਬੇ ਦੇ ਮੁੱਖ ਮੰਤਰੀ ਗ੍ਰਹਿ ਮੰਤਰੀ ਵੀ ਹਨ। ਉਨ੍ਹਾਂ ਇਸ ਮਾਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਲਾਠੀਚਾਰਜ ਕਰਨ ਦੌਰਾਨ ਮਹਿਲਾਵਾਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਪਹਿਲਵਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਤੋਂ ਪੱਕਾ ਕਰਨ ਦੀ ਮੰਗ ਕਰ ਰਹੇ ਮੁਲਾਜ਼ਮਾਂ ’ਤੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੋਵੇ।