ਲੁਧਿਆਣਾ, 25 ਜੁਲਾਈ (ਡਾ. ਤਰਲੋਚਨ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਣਾਏ ਗਏ ਆਮ ਆਦਮੀ ਮੁਹੱਲਾ ਕਲੀਨਿਕਾਂ ’ਚ ਸਿਹਤ ਸੇਵਾਵਾਂ ਨਿਭਾ ਰਹੇ ਕਰਮਚਾਰੀ 27 ਜੁਲਾਈ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਆਮ ਆਦਮੀ ਕਲੀਨਿਕ ਯੂਨੀਅਨ ਦੇ ਬੈਨਰ ਹੇਠ ਕਰਮਚਾਰੀ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣਗੇ। ਆਮ ਆਦਮੀ ਕਲੀਨਿਕ ਫ਼ਰੰਟ ਦੀ ਅਗਵਾਈ ਕਰ ਰਹੇ ਆਮ ਆਦਮੀ ਕਲੀਨਿਕ ਫਾਰਮਾਸਿਸਟ ਅਫ਼ਸਰ, ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਹੜਤਾਲ ਵਿਚ ਮੈਡੀਕਲ ਅਫ਼ਸਰ, ਫਾਰਮੇਸੀ ਅਫ਼ਸਰ ਅਤੇ ਕਲੀਨੀਕਲ ਅਸਿਸਟੈਂਟਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਰਮਚਾਰੀ ਸ਼ਾਮਿਲ ਹੋਣਗੇ। ਆਗੂਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਹੱਕੀ ਮੰਗਾਂ ਸਬੰਧੀ ਲੰਬੇ ਸਮੇਂ ਤੋਂ ਸਰਕਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਆ ਰਹੇ ਹਨ, ਪਰ ਉਨ੍ਹਾਂ ਨੇ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਵਿਚ ਲਗਭਗ 884 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿਚ ਹਰ ਰੋਜ਼ 70 ਹਜ਼ਾਰ ਤੋਂ ਵਧੇਰੇ ਮਰੀਜ਼ ਆਪਣੇ ਇਲਾਜ ਲਈ ਆਉਂਦੇ ਹਨ, ਅਜਿਹੇ ਵਿਚ ਕਲੀਨਿਕਾਂ ਵਿਚ ਕਰਮਚਾਰੀਆਂ ਦੀ ਹੜਤਾਲ ਦਾ ਸਿੱਧਾ ਅਸਰ ਵੱਡੀ ਗਿਣਤੀ ਵਿਚ ਮਰੀਜ਼ਾਂ ’ਤੇ ਪੈਣ ਦੇ ਅਸਾਰ ਹਨ। ਆਮ ਆਦਮੀ ਕਲੀਨਿਕਾਂ ਵਿਚ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਭੀੜ ਵਧਣ ਦੀ ਸੰਭਾਵਨਾ ਹੈ, ਉਥੇ ਹੀ ਮਰੀਜ਼ ਖੱਜਲ ਖ਼ੁਆਰ ਵੀ ਹੋਣਗੇ। ਆਗੂਆਂ ਦਾ ਕਹਿਣਾ ਹੈ ਕਿ ਕਰਮਚਾਰੀਆਂ ਵਲੋਂ ਪੰਜਾਬ ਦੇ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਆਪਣੀਆਂ ਮੰਗਾਂ ਦੇ ਲਈ ਪਹਿਲਾਂ ਇਕ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ 6 ਜੁਲਾਈ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਪਰ 22 ਜੁਲਾਈ ਨੂੰ ਵਿਭਾਗ ਨਾਲ ਕੀਤੇ ਗਏ ਸੰਪਰਕ ਤੋਂ ਬਾਅਦ ਵਿਭਾਗ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਆਮ ਆਦਮੀ ਕਲੀਨਿਕ ਫ਼ਰੰਟ ਦੀ ਅਗਵਾਈ ਕਰ ਰਹੇ ਆਮ ਆਦਮੀ ਕਲੀਨਿਕ ਫਾਰਮਾਸਿਸਟ ਅਫ਼ਸਰ, ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਉਹ ਲੋਕਾਂ ਨੂੰ ਆਪਣੀਆਂ ਸੇਵਾਵਾਂ ਦੇਣੀਆਂ ਚਾਹੁੰਦੇ ਹਨ, ਪਰ ਸਰਕਾਰ ਨੂੰ ਕਰਮਚਾਰੀਆਂ ਦੇ ਹਿਤ ਵਿਚ ਫ਼ੈਸਲਾ ਲੈਣਾ ਚਾਹੀਦਾ ਹੈ।